ਬਲਾਕ ਕਾਦੀਆਂ ਦੇ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕੀਤਾ

3

ਕਾਦੀਆਂ/ਬਟਾਲਾ, 30 ਅਕਤੂਬਰ 2026 AJ DI Awaaj

Punjab Desk :     ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਪਰਾਲੀ ਨਾ ਸਾੜਨ ਲਈ ਮੁਹਿੰਮ ਜਾਰੀ ਹੈ ਅਤੇ ਕਿਸਾਨਾਂ ਵਲੋਂ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ।

ਜੋਬਨਜੀਤ ਸਿੰਘ ਏ.ਡੀ.ਓ ਕਾਦੀਆਂ ਨੇ ਦੱਸਿਆ ਕਿ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਅਗਲੀ ਫਸਲ ਬੀਜਣ ਅਤੇ ਖੇਤੀ ਮਸ਼ੀਨਾਂ ਰਾਹੀਂ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਸਮੇਤ ਸਿਵਲ ਤੇ ਪੁਲਿਸ ਵਿਭਾਗ ਵਲੋਂ ਲਗਾਤਾਰ ਪਿੰਡਾਂ ਵਿੱਚ ਕਿਸਾਨਾਂ ਨੂੰ ਮਿਲ ਕੇ ਸਹਿਯੋਗ ਦੀ ਅਪੀਲ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਅੱਗ ਲਗਾਉਣ ਦੀ ਬਜਾਏ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਸਲਾਹ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਕਿਸਾਨ ਇਨ-ਸੀਟੂ ਤਕਨੀਕਾਂ ਤਹਿਤ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਮਲਚਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਦੇ ਅੰਦਰ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ।

ਇਸ ਤੋਂ ਇਲਾਵਾ ਐਕਸ-ਸੀਟੂ ਤਕਨੀਕਾਂ ਰਾਹੀਂ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਆਉਣ ਵਾਲੀ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ।