ਹੁਸ਼ਿਆਰਪੁਰ, 5 ਅਕਤੂਬਰ 2026 AJ DI Awaaj
Punjab Desk : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਾਤਾਰ ਚੱਲ ਰਹੀ ਝੋਨੇ ਦੀ ਖਰੀਦ ਦੀ ਅੱਜ ਇਥੇ ਸਮੀਖਿਆ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਫਸਲ ਘੱਟੋ-ਘੱਟ ਸਮੇਂ ਵਿਚ ਖਰੀਦੀ ਜਾ ਸਕੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ 65 ਮੰਡੀਆਂ ਸਥਾਪਿਤ ਹਨ ਜਿਥੇ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਸਮੁੱਚੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 17772 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ ਜਿਸ ਵਿਚੋਂ 14867 ਮੀਟ੍ਰਿਕ ਟਨ ਫਸਲ ਦੀ ਖਰੀਦ ਕਰਕੇ ਕਿਸਾਨਾਂ ਦੇ ਖਾਤਿਆਂ ਵਿਚ 4.85 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਲਗਭਗ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਬਾਰਦਾਨੇ ਦੀ ਲੋੜ ਅਨੁਸਾਰ ਸਪਲਾਈ ਯਕੀਨੀ ਬਣਾਈ ਗਈ ਹੈ ਤਾਂ ਜੋ ਫ਼ਸਲ ਨੂੰ ਮਿਥੇ ਸਮੇਂ ਵਿਚ ਚੁੱਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸੀਜਨ ਦੌਰਾਨ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਭਗ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਿਚ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਸ਼ਾਮਲ ਹਨ ਜੋ ਕਿਸਾਨਾਂ ਦੀ ਫ਼ਸਲ ਨੂੰ ਖਰੀਦਣਗੀਆਂ । ਜ਼ਿਕਰਯੋਗ ਹੈ ਕਿ ਇਸ ਸੀਜਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਖਰੀਦ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਬਣਦੀ ਅਦਾਇਗੀ ਕਰਨ ਦੇ ਨਾਲ-ਨਾਲ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ ਜਿਸ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ।



















