ਸਿਵਲ ਹਸਪਤਾਲ ਰੂਪਨਗਰ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ

4
ਰੂਪਨਗਰ, 3 ਸਤੰਬਰ 2026 AJ DI Awaaj
Punjab Desk     : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੰਤੁਲਿਤ ਖੁਰਾਕ, ਸਿਹਤਮੰਦ ਜੀਵਨ ਸ਼ੈਲੀ ਅਤੇ ਕੁਪੋਸ਼ਣ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰਾਸ਼ਟਰੀ ਪੋਸ਼ਣ ਹਫ਼ਤਾ ਸਿਵਲ ਹਸਪਤਾਲ ਰੂਪਨਗਰ ਵਿਖੇ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਸਟਾਫ਼, ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੋਸ਼ਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰੀਰ ਨੂੰ ਲੋੜੀਂਦੇ ਪ੍ਰੋਟੀਨ, ਵਿਟਾਮਿਨ, ਖਣਿਜ, ਕਾਰਬੋਹਾਈਡਰੇਟ, ਚੰਗੀ ਚਰਬੀ ਅਤੇ ਫਾਈਬਰ ਸਹੀ ਮਾਤਰਾ ਵਿੱਚ ਮਿਲਣੇ ਚਾਹੀਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਬਾਹਰਲੇ ਤਲੇ ਹੋਏ ਖਾਣੇ, ਜ਼ਿਆਦਾ ਨਮਕ, ਚੀਨੀ ਅਤੇ ਪੈਕ ਕੀਤੇ ਹੋਏ ਖਾਧ ਪਦਾਰਥਾਂ ਦੀ ਵਰਤੋਂ ਘੱਟ ਕਰਨ ਅਤੇ ਸਥਾਨਕ ਤੇ ਮੌਸਮੀ ਫਲਾਂ ਅਤੇ ਸਬਜ਼ੀਆਂ ਨੂੰ ਖੁਰਾਕ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬਜ਼ੁਰਗਾਂ ਲਈ ਪੌਸ਼ਟਿਕ ਖੁਰਾਕ ਹੋਰ ਵੀ ਮਹੱਤਵਪੂਰਨ ਹੈ। ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜੀਵਨ ਦੇ ਸ਼ੁਰੂਆਤੀ ਸਾਲਾਂ ਵਿੱਚ ਉਚਿਤ ਪੋਸ਼ਣ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਕਿਹਾ ਕਿ ਬੱਚਿਆਂ ਨੂੰ ਉਮਰ ਅਨੁਸਾਰ ਸੰਤੁਲਿਤ ਖੁਰਾਕ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਟੀਕਾਕਰਨ ਵੀ ਸਮੇਂ ਸਿਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਵਾਂ ਨੂੰ ਬੱਚਿਆਂ ਦੀ ਖੁਰਾਕ ਵਿੱਚ ਦਾਲਾਂ, ਹਰੀਆਂ ਸਬਜ਼ੀਆਂ, ਫਲ, ਦੁੱਧ ਅਤੇ ਹੋਰ ਪੌਸ਼ਟਿਕ ਪਦਾਰਥ ਸ਼ਾਮਲ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਸਿਹਤ ਅਤੇ ਵਾਧੇ ਦੀ ਨਿਯਮਿਤ ਨਿਗਰਾਨੀ ਕਰਨ ਲਈ ਵੀ ਪ੍ਰੇਰਿਤ ਕੀਤਾ।
ਗਾਇਨੀ ਡਾ. ਰਮਨ ਅਤੇ ਡਾ. ਜਸਪ੍ਰੀਤ ਕੌਰ ਨੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੋਸ਼ਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਰਭ ਅਵਸਥਾ ਦੌਰਾਨ ਮਾਂ ਦੀ ਖੁਰਾਕ ਦਾ ਸਿੱਧਾ ਪ੍ਰਭਾਵ ਮਾਂ ਅਤੇ ਹੋਣ ਵਾਲੇ ਬੱਚੇ ਦੀ ਸਿਹਤ ਉੱਪਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਆਇਰਨ, ਫੋਲਿਕ ਐਸਿਡ ਅਤੇ ਕੈਲਸ਼ੀਅਮ ਆਦਿ ਦੀਆਂ ਗੋਲੀਆਂ ਲੈਣੀਆਂ ਚਾਹੀਦੀਆਂ ਹਨ ਅਤੇ ਖੁਰਾਕ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ, ਦੁੱਧ, ਫਲ ਅਤੇ ਹੋਰ ਪੌਸ਼ਟਿਕ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ।
ਬੱਚਿਆਂ ਦੇ ਰੋਗਾਂ ਦੇ ਮਾਹਰ ਡਾ. ਗੁਰਸੇਵਕ ਸਿੰਘ ਨੇ ਕਿਹਾ ਕਿ ਮਾਵਾਂ ਵੱਲੋਂ ਬੱਚੇ ਨੂੰ ਜਨਮ ਤੋਂ ਬਾਅਦ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਪਿਲਾਉਣਾ ਬੱਚੇ ਦੇ ਤੰਦਰੁਸਤ ਵਿਕਾਸ ਲਈ ਬਹੁਤ ਲਾਭਦਾਇਕ ਹੈ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ ਨੇ ਕਿਹਾ ਕਿ ਪੋਸ਼ਣ ਸਬੰਧੀ ਜਾਗਰੂਕਤਾ ਨੂੰ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਪਰਿਵਾਰ ਅਤੇ ਤੰਦਰੁਸਤ ਸਮਾਜ ਦੀ ਨੀਂਹ ਸੰਤੁਲਿਤ ਖੁਰਾਕ ਨਾਲ ਹੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੋਸ਼ਣ ਸਬੰਧੀ ਸਹੀ ਜਾਣਕਾਰੀ ਅਪਣਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਸਿਹਤਮੰਦ ਖੁਰਾਕ ਲਈ ਪ੍ਰੇਰਿਤ ਕਰਨ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਪੋਸ਼ਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਿਹਤਮੰਦ ਖੁਰਾਕ, ਸਾਫ਼-ਸਫ਼ਾਈ, ਨਿੱਜੀ ਸਫ਼ਾਈ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਅੰਤ ਵਿੱਚ ਸਾਰਿਆਂ ਨੂੰ ਪੌਸ਼ਟਿਕ ਖੁਰਾਕ ਅਪਣਾਉਣ ਅਤੇ ਤੰਦਰੁਸਤ ਜੀਵਨ ਸ਼ੈਲੀ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਿਤੂ, ਬਲਵੀਰ ਕੌਰ ਅਤੇ ਪੈਰਾਮੈਡੀਕਲ ਸਟਾਫ ਹਾਜ਼ਰ ਸੀ।