ਫ਼ਤਿਹਗੜ੍ਹ ਸਾਹਿਬ:11 Aug 2026 AJ DI Awaaj
Punjab Desk : ਗੁਰਦੁਆਰਾ ਹੰਸਾਲੀ ਸਾਹਿਬ ਦੇ ਲੰਗਰ ਹਾਲ ਵਿੱਚ ਅਚਾਨਕ ਅੱਗ ਲੱਗਣ ਕਾਰਨ ਕੁਝ ਸਮੇਂ ਲਈ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਉਸ ਵੇਲੇ ਵਾਪਰੀ ਜਦੋਂ ਲੰਗਰ ਤਿਆਰ ਕਰਨ ਦਾ ਕੰਮ ਚੱਲ ਰਿਹਾ ਸੀ।
ਮੁੱਢਲੀ ਜਾਣਕਾਰੀ ਮੁਤਾਬਕ ਖਾਣਾ ਬਣਾਉਣ ਦੌਰਾਨ ਗੈਸ ਸਿਲੰਡਰ ਨਾਲ ਜੁੜੀ ਪਾਈਪ ਨੂੰ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਨੇੜੇ ਮੌਜੂਦ ਡੀਜ਼ਲ ਦੀ ਭੱਠੀ ਨੇ ਵੀ ਅੱਗ ਫੜ ਲਈ, ਜਿਸ ਕਾਰਨ ਲਪਟਾਂ ਤੇਜ਼ ਹੋ ਗਈਆਂ।
ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਕਾਫ਼ੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ।
ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਅੱਗ ਨੂੰ ਲੰਗਰ ਹਾਲ ਦੇ ਹੋਰ ਹਿੱਸਿਆਂ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਤੱਕ ਫੈਲਣ ਤੋਂ ਰੋਕਿਆ ਗਿਆ। ਫਿਲਹਾਲ ਕਿਸੇ ਵੱਡੇ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਘਟਨਾ ਤੋਂ ਬਾਅਦ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਮੁੱਢਲੇ ਤੌਰ ‘ਤੇ ਅੱਗ ਲੱਗਣ ਦਾ ਕਾਰਨ ਗੈਸ ਸਿਲੰਡਰ ਦੀ ਪਾਈਪ ਦੱਸੀ ਜਾ ਰਿਹਾ ਹੈ। ਹਾਦਸੇ ਤੋਂ ਬਾਅਦ ਲੰਗਰ ਹਾਲ ਵਿੱਚ ਅੱਗ ਤੋਂ ਬਚਾਅ ਸਬੰਧੀ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਉੱਠ ਰਹੇ ਹਨ। ਅਧਿਕਾਰੀਆਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।



















