ਰੂਪਨਗਰ, 22 ਜੁਲਾਈ 2026 AJ DI Awaaj
Punjab Desk : ਸਿਵਲ ਹਸਪਤਾਲ ਰੂਪਨਗਰ ਵਿਖੇ ਡਾ. ਹਰਲੀਨ ਕੌਰ ਦੀ ਅਗਵਾਈ ਹੇਠ ਹਸਪਤਾਲ ਦੇ ਮੈਡੀਕਲ ਸਟਾਫ ਅਤੇ ਨਰਸਿੰਗ ਵਿਦਿਆਰਥੀਆਂ ਲਈ ਫਾਇਰ ਸੇਫਟੀ ਸਬੰਧੀ ਵਿਸਥਾਰਪੂਰਵਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਹਸਪਤਾਲ ਵਿੱਚ ਅੱਗ ਲੱਗਣ ਵਰਗੀਆਂ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ, ਸੁਚੱਜੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਈ ਸਟਾਫ ਨੂੰ ਤਿਆਰ ਕਰਨਾ ਸੀ।
ਇਸ ਮੌਕੇ ਡਾ. ਹਰਲੀਨ ਕੌਰ ਨੇ ਕਿਹਾ ਕਿ ਹਸਪਤਾਲ ਵਰਗੀਆਂ ਸੰਵੇਦਨਸ਼ੀਲ ਸੰਸਥਾਵਾਂ ਵਿੱਚ ਅੱਗ ਲੱਗਣ ਦੀ ਘਟਨਾ ਜਾਨ-ਮਾਲ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਇਸ ਲਈ ਸੁਰੱਖਿਆ ਪ੍ਰਤੀ ਜਾਗਰੂਕਤਾ, ਸਾਵਧਾਨੀ ਅਤੇ ਪਹਿਲਾਂ ਤੋਂ ਤਿਆਰੀ ਬਹੁਤ ਲਾਜ਼ਮੀ ਹੈ। ਉਨ੍ਹਾਂ ਨੇ ਅੱਗ ਲੱਗਣ ਦੇ ਆਮ ਕਾਰਣਾਂ, ਜਿਵੇਂ ਕਿ ਬਿਜਲੀ ਦੇ ਸ਼ਾਰਟ ਸਰਕਿਟ, ਗੈਸ ਲੀਕੇਜ ਅਤੇ ਲਾਪਰਵਾਹੀ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਅੱਗ ਤੋਂ ਬਚਾਅ ਦੇ ਮੁੱਖ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀ ਵਿੱਚ ਸ਼ਾਂਤ ਰਹਿੰਦੇ ਹੋਏ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਣ ਦੀ ਪ੍ਰਕਿਰਿਆ ਦਾ ਪ੍ਰੈਕਟੀਕਲ ਡੈਮੋ ਵੀ ਦਿੱਤਾ ਗਿਆ। ਅੱਗ ਬੁਝਾਉਣ ਵਾਲੇ ਉਪਕਰਣਾਂ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਸਮਝਾਇਆ ਗਿਆ ਅਤੇ ਸਟਾਫ ਨੂੰ ਖੁਦ ਅਭਿਆਸ ਕਰਵਾਇਆ ਗਿਆ।
ਨਰਸਿੰਗ ਵਿਦਿਆਰਥੀਆਂ ਨੇ ਇਸ ਸਿਖਲਾਈ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸਿਖਲਾਈਆਂ ਨਾਲ ਐਮਰਜੈਂਸੀ ਹਾਲਾਤਾਂ ਦਾ ਸਾਹਮਣਾ ਕਰਨ ਦੀ ਉਨ੍ਹਾਂ ਦੀ ਯੋਗਤਾ ਅਤੇ ਆਤਮ-ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ।
ਡਾ. ਹਰਲੀਨ ਕੌਰ ਨੇ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਉਹ ਹਸਪਤਾਲ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਸੰਦੇਹਜਨਕ ਜਾਂ ਖ਼ਤਰਨਾਕ ਸਥਿਤੀ ਦੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦੇਣ।
ਇਸ ਮੌਕੇ ਸਾਗਰ ਸੈਣੀ, ਹਸਪਤਾਲ ਦਾ ਮੈਡੀਕਲ ਅਤੇ ਨਰਸਿੰਗ ਸਟਾਫ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ।



















