ਬਰਨਾਲਾ ‘ਚ ਸਾਬਕਾ ਕੌਂਸਲਰ ਦੀ ਮੌ*ਤ

28

ਬਰਨਾਲਾ:15 June 2026 AJ DI Awaaj

Punjab Desk :  ਬਰਨਾਲਾ ਦੇ ਸਾਬਕਾ ਮਿਊਂਸਿਪਲ ਕੌਂਸਲਰ ਨਛੱਤਰ ਸਿੰਘ ਉਰਫ਼ ਜੱਗਾ ਸਿੰਘ (56) ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌ*ਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮਾਮਲਾ ਕਥਿਤ ਤੌਰ ‘ਤੇ ਪ੍ਰਾਪਰਟੀ ਦੇ ਲੈਣ-ਦੇਣ ਅਤੇ ਕਮਿਸ਼ਨ ਵਿਵਾਦ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਜੱਗਾ ਸਿੰਘ ਪ੍ਰਾਪਰਟੀ ਡੀਲਿੰਗ ਅਤੇ ਜ਼ਮੀਨਾਂ ਦੀ ਖਰੀਦ-ਫ਼ਰੋਖ਼ਤ ਦੇ ਕਾਰੋਬਾਰ ਨਾਲ ਸੰਬੰਧਿਤ ਸਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸੇਖਾ ਰੋਡ ਸਥਿਤ ਇੱਕ ਰਿਹਾਇਸ਼ੀ ਕਾਲੋਨੀ ਨਾਲ ਜੁੜੇ ਕਥਿਤ ਕਮਿਸ਼ਨ ਵਿਵਾਦ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸਨ।

ਘਟਨਾ ਤੋਂ ਬਾਅਦ ਪੁਲਿਸ ਨੂੰ ਮੌਕੇ ਤੋਂ ਇੱਕ ਕਥਿਤ ਸੁ*ਸਾਈਡ ਨੋਟ ਵੀ ਮਿਲਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਨੋਟ ਵਿੱਚ ਧੂਰੀ ਖੇਤਰ ਨਾਲ ਸੰਬੰਧਿਤ ਕੁਝ ਵਿਅਕਤੀਆਂ ਦੇ ਨਾਮਾਂ ਦਾ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਕਿਸੇ ਵੀ ਵਿਅਕਤੀ ਦੀ ਭੂਮਿਕਾ ਬਾਰੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ।

ਮ੍ਰਿ*ਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਇਨਸਾਫ਼ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖਣਗੇ।

ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਰਟੀ ਕਮਿਸ਼ਨ ਨੂੰ ਲੈ ਕੇ ਵਿਵਾਦ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਸੁਸਾਈਡ ਨੋਟ, ਵਿੱਤੀ ਲੈਣ-ਦੇਣ ਅਤੇ ਹੋਰ ਸਬੂਤਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਸ਼ਾਂਤੀ ਬਣਾਈ ਰੱਖੀ ਜਾਵੇ।