ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਿਹਤ ਸੇਵਾ

23
ਰੂਪਨਗਰ, 11 ਮਈ 2026 AJ DI Awaaj
Punjab Desk : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਇਲਾਜ ਸੇਵਾ ਕਾਰਗਰ ਬਣ ਰਹੀ ਹੈ ਜਿਸ ਰਾਹੀਂ ਲੋੜਵੰਦ ਮਰੀਜ਼ ਸਰਕਾਰੀ ਅਤੇ ਪੰਜਾਬ ਸਰਕਾਰ ਵੱਲੋਂ ਸੂਚੀਬੱਧ ਕੀਤੇ ਗਏ ਹਸਪਤਾਲਾਂ ਵਿੱਚ ਆਪਣਾ ਡਾਇਲਸਿਸ ਮੁਫ਼ਤ ਕਰਵਾ ਰਹੇ ਹਨ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਕਿਡਨੀ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਸੁੰਦਰ ਸੇਠੀ ਦਾ ਡਾਇਲਸਿਸ ਇਸ ਵੇਲੇ ਰੂਪਨਗਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ, ਜਿਸ ਨਾਲ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
ਸਿਵਲ ਸਰਜਨ ਦੱਸਿਆ ਕਿ ਸੁੰਦਰ ਸੇਠੀ ਦੀ ਤਰ੍ਹਾਂ ਹੋਰ ਮਰੀਜ਼ਾਂ ਦੇ ਮੁਫ਼ਤ ਸਿਹਤ ਇਲਾਜ ਪ੍ਰੇਰਣਾ ਦਾ ਸਰੋਤ ਹਨ ਅਤੇ ਇਹ ਸਾਬਤ ਕਰਦਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਸਹੀ ਤਰੀਕੇ ਨਾਲ ਲਾਭ ਲੈ ਕੇ ਵੱਡੀਆਂ ਬਿਮਾਰੀਆਂ ਦਾ ਇਲਾਜ ਮੁਫ਼ਤ ਕਰਵਾਇਆ ਜਾ ਸਕਦਾ ਹੈ ਜਿਸ ਦੁਆਰਾ ਲੋਕ ਵਾਧੂ ਆਰਥਿਕ ਬੋਝ ਅਤੇ ਕਰਜ਼ੇ ਦੇ ਜਾਲ ਤੋਂ ਬੱਚ ਸਕਦੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਵਾਉਣ ਅਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲਬਧ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੈਣ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਡਾਇਲਸਿਸ ਕਰਵਾ ਰਹੇ ਸੁੰਦਰ ਸੇਠੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਜੇਕਰ ਇਹ ਸਿਹਤ ਬੀਮਾ ਯੋਜਨਾ ਨਾ ਹੁੰਦੀ ਤਾਂ ਮੇਰੇ ਵਰਗੇ ਸਾਧਾਰਣ ਵਿਅਕਤੀ ਲਈ ਇੰਨਾ ਮਹਿੰਗਾ ਇਲਾਜ ਕਰਵਾਉਣਾ ਅਸੰਭਵ ਸੀ। ਅੱਜ ਮੈਨੂੰ ਬਿਨਾਂ ਕਿਸੇ ਖਰਚੇ ਦੇ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ।”
ਉਨ੍ਹਾਂ ਦੱਸਿਆ ਕਿ ਯੋਜਨਾ ਦੇ ਤਹਿਤ ਉਨ੍ਹਾਂ ਦਾ ਲਗਾਤਾਰ ਇਲਾਜ ਜਾਰੀ ਹੈ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਕੋਈ ਨਕਦ ਰਾਸ਼ੀ ਨਹੀਂ ਦੇਣੀ ਪੈ ਰਹੀ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ।