ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਟੈਸਟ ਦੀ ਮੁਫ਼ਤ ਸਿਖਲਾਈ ਕੈਂਪ

2

ਫ਼ਰੀਦਕੋਟ, 17 ਨਵੰਬਰ 2026 AJ DI Awaaj

Punjab Desk :   ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਸਿਖਲਾਈ ਅਫ਼ਸਰ ਕੈਪਟਨ (ਰਿਟਾਇਰਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਜਿਵੇ ਕਿ ਸੀ.ਏ.ਪੀ ਐਫ (ਜੀ.ਡੀ) ਬੀ.ਐਸ.ਐਫ, ਸੀ.ਆਈ.ਐਸ.ਐਫ, ਸੀ.ਆਈ.ਪੀ.ਐਫ, ਐਸ.ਐਸ.ਬੀ, ਆਈ.ਟੀ.ਬੀ.ਪੀ, ਏ.ਆਰ, ਐਸ.ਐਸ.ਐਫ ਅਤੇ ਐਨ.ਆਈ.ਏ ਲਈ ਭਰਤੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਇਨ੍ਹਾਂ ਭਰਤੀਆਂ ਲਈ ਤਿਆਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਕੇਵਲ ਲੜਕਿਆਂ ਲਈ ਉਪਲਬਧ ਹੈ।

ਉਨ੍ਹਾਂ ਦੱਸਿਆ ਕਿ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦੇ ਜਿਹੜੇ ਨੌਜਵਾਨ ਉਪਰੋਕਤ ਭਰਤੀਆਂ ਲਈ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਰਿਪੋਰਟ ਕਰਨ। ਨਾਮ ਦਰਜ ਕਰਵਾਉਣ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ ਹੈ।

ਕੈਂਪ ਵਿੱਚ ਆਉਣ ਵਾਲੇ ਨੌਜਵਾਨ ਆਪਣੇ ਨਾਲ ਸਬੰਧਤ ਭਰਤੀ ਲਈ ਆਨਲਾਈਨ ਅਰਜ਼ੀ ਦੇਣ ਦੇ ਸਬੂਤ ਦੀ ਫੋਟੋ ਕਾਪੀ, ਦਸਵੀਂ ਜਮਾਤ ਦਾ ਅਸਲ ਸਰਟੀਫਿਕੇਟ ਅਤੇ ਉਸ ਦੀ ਫੋਟੋ ਕਾਪੀ, ਪੰਜਾਬ ਦਾ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਆਧਾਰ ਕਾਰਡ ਦੀਆਂ ਫੋਟੋ ਕਾਪੀਆਂ, ਚਾਲੂ ਬੈਂਕ ਖਾਤੇ ਦੀ ਫੋਟੋ ਕਾਪੀ, ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਅਤੇ ਇੱਕ ਪੈੱਨ ਨਾਲ ਲੈ ਕੇ ਆਉਣ। ਇਸ ਤੋਂ ਇਲਾਵਾ ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਵੀ ਨਾਲ ਲਿਆਉਣ।

ਕੈਂਪ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਕੈਂਪ ਵਿੱਚ ਰਹਿਣ ਵਾਲੇ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਦੀ ਤਿਆਰੀ ਲਈ ਵੀ ਕੋਈ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਯੋਗ ਅਤੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਭਰਤੀ ਲਈ ਆਪਣੀ ਤਿਆਰੀ ਸਮੇਂ ਸਿਰ ਸ਼ੁਰੂ ਕਰਨ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 73476-66557 ਅਤੇ 88728-02046 ’ਤੇ ਸੰਪਰਕ ਕੀਤਾ ਜਾ ਸਕਦਾ ਹੈ।