ਹਲਕਾਅ ਤੋਂ ਬਚਾਅ ਲਈ ਸਰਕਾਰੀ ਹਸਪਤਾਲਾਂ ਵਿਚ ਟੀਕਾਕਰਨ ਮੁਫ਼ਤ

1
ਬਰਨਾਲਾ, 28 ਸਤੰਬਰ 2026 AJ DI Awaaj
Punjab Desk :    ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ “ਵਿਸ਼ਵ ਰੇਬੀਜ਼ (ਹਲਕਾਅ) ਦਿਵਸ” ਮੌਕੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਨੂੰ ਰੇਬੀਜ਼ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਉਣ ਅਤੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਇਹ ਦਿਵਸ “ਇਕੱਠੇ ਮਿਲ ਕੇ ਵਧੇਰੇ ਮਜ਼ਬੂਤ” (Stronger Together) ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਲਾਹ ਦਿੱਤੀ ਕਿ ਕਿਸੇ ਵੀ ਜਾਨਵਰ ਦੇ ਵੱਢਣ, ਚੱਟਣ ਜਾਂ ਖਰੋਚ ਮਾਰਨ ਨੂੰ ਕਦੇ ਵੀ ਅਣਦੇਖਿਆ ਨਹੀਂ ਕਰਨਾ ਚਾਹੀਦਾ। ਅਜਿਹੀ ਸਥਿਤੀ ਵਿੱਚ ਜ਼ਖ਼ਮ ਨੂੰ ਤੁਰੰਤ ਸਾਬਣ, ਪਾਣੀ ਜਾਂ ਡਿਟੋਲ ਆਦਿ ਨਾਲ ਚੰਗੀ ਤਰ੍ਹਾਂ ਸਾਫ ਕਰਨਾ ਚਾਹੀਦਾ ਹੈ ਅਤੇ ਬਿਨਾਂ ਦੇਰੀ ਨੇੜੇ ਦੇ ਸਰਕਾਰੀ ਹਸਪਤਾਲ ਜਾ ਕੇ ਡਾਕਟਰੀ ਸਲਾਹ ਅਤੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਐਂਟੀ-ਰੇਬੀਜ਼ ਟੀਕਾ ਜ਼ਿਲ੍ਹਾ ਹਸਪਤਾਲ ਬਰਨਾਲਾ, ਸਬ-ਡਵੀਜ਼ਨਲ ਹਸਪਤਾਲ ਤਪਾ, ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ, ਧਨੌਲਾ, ਭਦੌੜ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਬਿਲਕੁਲ ਮੁਫਤ ਲਗਾਇਆ ਜਾਂਦਾ ਹੈ।
ਇਸੇ ਤਰ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਅਗਵਾਈ ਵਿੱਚ ਸੀ.ਐੱਚ.ਸੀ ਧਨੌਲਾ ਵਿਖੇ ਵਿਸ਼ਵ ਰੇਬੀਜ਼ ਦਿਵਸ ਦੇ ਸਿਲਸਿਲੇ ਵਿਚ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
ਡਾ. ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਿੰਡ ਕਲੀਨਿਕ ਅਤੇ ਸਰਕਾਰੀ ਹਸਪਤਾਲ ਵਿਚ ਰੇਬੀਜ਼ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ।
ਲੋਕਾਂ ਨੂੰ ਅਪੀਲ ਕਰਦਿਆਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਕਾਲੇਕੇ ਨੇ ਕਿਹਾ ਕਿ ਕੁੱਤਿਆਂ ਅਤੇ ਵੱਢਣ ਵਾਲੇ ਹੋਰ ਜਾਨਵਰਾਂ ਨੂੰ ਗਲੀਆਂ ਜਾਂ ਜਨਤਕ ਥਾਂਵਾਂ ‘ਤੇ ਖੁੱਲ੍ਹਾ ਨਹੀਂ ਛੱਡਣਾ ਚਾਹੀਦਾ ਅਤੇ ਨਾ ਹੀ ਉਨ੍ਹਾਂ ਨਾਲ ਛੇੜ-ਛਾੜ ਕਰਨੀ ਚਾਹੀਦੀ ਹੈ। ਪਾਲਤੂ ਜਾਨਵਰਾਂ ਦਾ ਪਸ਼ੂ ਪਾਲਣ ਵਿਭਾਗ ਤੋਂ ਸਮੇਂ ਸਿਰ ਟੀਕਾਕਰਨ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੱਤੀ ਕਿ ਕਿਸੇ ਵੀ ਅਵਾਰਾ ਜਾਨਵਰ ਦੇ ਵੱਢਣ ‘ਤੇ ਡਾਕਟਰੀ ਇਲਾਜ ਦੀ ਬਜਾਏ ਨੀਮ ਹਕੀਮਾਂ ਜਾਂ ਅੰਧ-ਵਿਸ਼ਵਾਸਾਂ ਦੇ ਚੱਕਰ ਵਿੱਚ ਪੈਣਾ ਜਾਨਲੇਵਾ ਸਾਬਤ ਹੋ ਸਕਦਾ ਹੈ, ਕਿਉਂਕਿ ਇੱਕ ਵਾਰ ਹਲਕਾਅ (Rabies) ਦੇ ਲੱਛਣ ਆਉਣ ਤੋਂ ਬਾਅਦ ਇਸਦਾ ਕੋਈ ਇਲਾਜ ਨਹੀਂ ਹੈ।
ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਨੇ ਦੱਸਿਆ ਕਿ ਸੀ.ਐੱਚ.ਸੀ ਧਨੌਲਾ ਵਿਚ ਇੰਟਰਨਸ਼ਿਪ ਕਰ ਰਹੀਆਂ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਟ੍ਰੇਨਿੰਗ ਸਕੂਲ, ਸਿਵਲ ਹਸਪਤਾਲ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ‘ਰੇਬੀਜ਼ ਦਿਵਸ’ ਦੇ ਸਿਲਸਿਲੇ ਵਿੱਚ ਹਸਪਤਾਲ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੇਬਿਜ਼ (ਹਲਕਾਅ) ਦੀ ਬਿਮਾਰੀ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਟੀਕਾਕਰਨ ਸਹਾਇਕ ਗੁਰਦੀਪ ਸਿੰਘ ਵੀ ਹਾਜ਼ਰ ਸਨ।