ਤਰਨਤਾਰਨ 15 July 2026 AJ DI Awaaj
Punjab Desk : ਪਿੰਡ ਪਿੱਦੀ ਦੀ ਰਹਿਣ ਵਾਲੀ 24 ਸਾਲਾ ਕਿਰਨਦੀਪ ਕੌਰ ਦਾ ਇੰਗਲੈਂਡ ਦੇ ਹੇਜ਼ ਸ਼ਹਿਰ ਵਿੱਚ ਕਥਿਤ ਤੌਰ ‘ਤੇ ਚਾਕੂ ਮਾਰ ਕੇ ਕ*ਤਲ ਕਰ ਦਿੱਤਾ ਗਿਆ। ਘਟਨਾ ਸ਼ਨੀਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।
ਪਰਿਵਾਰਕ ਜਾਣਕਾਰੀ ਮੁਤਾਬਕ ਕਿਰਨਦੀਪ ਕਰੀਬ ਦੋ ਸਾਲ ਪਹਿਲਾਂ ਉੱਚ ਸਿੱਖਿਆ ਲਈ ਇੰਗਲੈਂਡ ਗਈ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਹੇਜ਼ ਦੇ ਇੱਕ ਮਾਲ ਵਿੱਚ ਨੌਕਰੀ ਕਰ ਰਹੀ ਸੀ। ਉਸ ਦੇ ਪਿਤਾ ਸੁਖਦੇਵ ਸਿੰਘ ਨੇ ਧੀ ਦੀ ਪੜ੍ਹਾਈ ਲਈ ਆਪਣੀ ਅੱਧੀ ਏਕੜ ਜ਼ਮੀਨ ਵੇਚ ਦਿੱਤੀ ਸੀ।
ਦੱਸਿਆ ਜਾ ਰਿਹਾ ਹੈ ਕਿ ਡਿਊਟੀ ਤੋਂ ਘਰ ਪਰਤਣ ਮਗਰੋਂ ਕਿਰਨਦੀਪ ਰਸੋਈ ਵਿੱਚ ਕੰਮ ਕਰ ਰਹੀ ਸੀ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀ ਘਰ ਵਿੱਚ ਦਾਖਲ ਹੋਏ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼*ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਜ਼ਿਆਦਾ ਖੂ*ਨ ਵਹਿਣ ਕਾਰਨ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ।
ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮ*ਲਾਵ*ਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪਰਿਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਮੰਗਲਵਾਰ ਰਾਤ ਨੂੰ ਕਿਰਨਦੀਪ ਦੇ ਇੱਕ ਜਾਣਕਾਰ ਵੱਲੋਂ ਦਿੱਤੀ ਗਈ।
ਕਿਰਨਦੀਪ ਦੇ ਭਰਾ ਲਵਪ੍ਰੀਤ ਸਿੰਘ, ਜਗਜੀਵਨ ਸਿੰਘ ਅਤੇ ਭੈਣ ਗੁਰਸ਼ਰਨ ਕੌਰ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਹੀ ਕਿਰਨਦੀਪ ਨੇ ਪਰਿਵਾਰ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਸੀ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਕਿਰਨਦੀਪ ਕੌਰ ਦੀ ਮ੍ਰਿ*ਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।



















