ਧੂਰੀ, 5 ਅਕਤੂਬਰ 2026 AJ DI Awaaj
Punjab Desk : ਪਿੰਡ ਭੁੱਲਰਹੇੜੀ ਵਿਖੇ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਫ਼ਤ ਅੱਖਾਂ ਦੀ ਜਾਂਚ ਸਬੰਧੀ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤਾ ਗਿਆ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ, ਜਾਂਚ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਅਤੇ ਸਮੇਂ ਸਿਰ ਜਾਂਚ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਖਾਂ ਸਰੀਰ ਦਾ ਬੇਹੱਦ ਮਹੱਤਵਪੂਰਨ ਅੰਗ ਹਨ ਅਤੇ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਅਜਿਹੇ ਮੈਡੀਕਲ ਕੈਂਪਾਂ ਰਾਹੀਂ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਆਪਣੇ ਪਿੰਡ ਵਿੱਚ ਹੀ ਉਪਲਬਧ ਕਰਵਾਉਣ ਵਿੱਚ ਮਦਦ ਮਿਲਦੀ ਹੈ।
ਕੈਂਪ ਦੌਰਾਨ ਪਹੁੰਚੇ ਲੋਕਾਂ ਦੀ ਮੁਫ਼ਤ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਸਿਹਤ ਸਬੰਧੀ ਸਲਾਹ ਵੀ ਦਿੱਤੀ ਗਈ। ਓ.ਐਸ.ਡੀ. ਨੇ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਕੈਂਪ ਲੋਕਾਂ ਨੂੰ ਸਿਹਤ ਸਹੂਲਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

















