ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ

61

ਬਟਾਲਾ, 15 ਸਤੰਬਰ 2025 AJ DI Awaaj

Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜਾ ਦਿੱਤਾ ਜਾ ਚੁੱਕਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿੱਚ 56 ਕੀਮਤੀ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜਾ ਦੇ ਦਿੱਤਾ ਜਾਵੇਗਾ। ਉਨਾਂ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ।

ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਲਬੇ ਦੀ ਸਫਾਈ ਅਤੇ ਲਾਸਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਾਲਾਤ ਆਮ ਵਰਗੇ ਕਰਨ ਦੇ ਉਦੇਸ ਨਾਲ ਪੰਜਾਬ ਸਰਕਾਰ ਨੇ 2300 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਫਾਈ ਲਈ ਵਿਸੇਸ ਮੁਹਿੰਮ ਸੁਰੂ ਕੀਤੀ ਹੈ।

ਉਨਾਂ ਦੱਸਿਆ ਕਿ ਇਸ ਕਾਰਜ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਗਾਰ ਅਤੇ ਮਲਬੇ ਨੂੰ ਹਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ

ਟੀਕਾਕਰਨ ਕੀਤਾ ਜਾ ਰਿਹਾ ਹੈ।