Punjab Desk : ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਅੱਜ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਅਤੇ ਦਾਣਾ ਮੰਡੀ ਮਮਦੋਟ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ।
ਸ਼੍ਰੀ ਰਜਨੀਸ਼ ਦਹੀਯਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਕੁੱਲ 126 ਖਰੀਦ ਕੇਂਦਰ ਬਣਾਏ ਗਏ ਹਨ ਅਤੇ 2389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ ਤੇ ਖਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖਰੀਦ ਕੇਂਦਰ ਵਿੱਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।
ਇਸ ਮੌਕੇ ਡੀ.ਐਫ.ਐਸ.ਸੀ. ਜਿਤਿਨ ਵਰਮਾ, ਮਾਰਕਿਟ ਕਮੇਟੀ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ , ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ, ਸ੍ਰੀ ਦਰਸ਼ਨ ਲਾਲ, ਆੜਤੀਆ ਐਸੋਸੀਏਸ਼ਨ ਪ੍ਰਧਾਨ ਸੰਜੀਵ ਰਾਜਦੇਵ, ਸਾਬਕਾ ਅਕਾਉਂਟ ਅਫਸਰ ਰਜਿੰਦਰ ਗਰਗ, ਗੋਪਾਲ ਡੱਬੂ, ਪਵਨ ਕੁਮਾਰ ਗਰਗ, ਸੈੰਕੀ ਕੰਵਰਸੈਨ ਗੋਇਲ, ਖਾਰਾ ਆੜਤੀਆ, ਸ਼ਾਮ ਸਿੰਘ ਮੁੱਦਕਾ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਬਲਕਾਰ ਸਿੰਘ ਗਿੱਲ ਆਦਿ ਹਾਜ਼ਰ ਸਨ।
