ਪੰਜਾਬ ਵਿੱਚ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਸਕੂਲ

24

ਪੰਜਾਬ 11 July 2026 AJ DI Awaaj

Punjab Desk :   ਪੰਜਾਬ ਸਰਕਾਰ ਨੇ ਸਪੈਸ਼ਲ ਇੰਟੈਂਸਿਵ ਵੋਟਰ ਰੀਵੀਜ਼ਨ (SIR-2026) ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ 11 ਅਤੇ 12 ਜੁਲਾਈ ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਇਸ ਦੌਰਾਨ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਆਪਣੀਆਂ ਨਿਯਮਤ ਡਿਊਟੀਆਂ ਨਿਭਾਉਣ ਦੇ ਨਾਲ-ਨਾਲ ਚੋਣ ਅਧਿਕਾਰੀਆਂ ਨੂੰ SIR ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਾ ਹੋਵੇਗਾ।

ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਫ਼ੈਸਲਾ ਮੁੱਖ ਚੋਣ ਅਧਿਕਾਰੀ, ਪੰਜਾਬ ਦੇ 9 ਜੁਲਾਈ ਦੇ ਨਿਰਦੇਸ਼ਾਂ ਦੇ ਆਧਾਰ ‘ਤੇ ਲਿਆ ਗਿਆ ਹੈ। SIR-2026 ਤਹਿਤ 11 ਅਤੇ 12 ਜੁਲਾਈ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਕਾਰਨ ਸਕੂਲਾਂ ਦੇ ਸਮੂਹ ਸਟਾਫ਼ ਦੀ ਹਾਜ਼ਰੀ ਲਾਜ਼ਮੀ ਕਰਾਰ ਦਿੱਤੀ ਗਈ ਹੈ।

ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰੀ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਕਰਮਚਾਰੀ ਡਿਊਟੀ ‘ਤੇ ਹਾਜ਼ਰ ਰਹਿਣ ਅਤੇ SIR ਨਾਲ ਸਬੰਧਤ ਟੀਮਾਂ ਨੂੰ ਹਰ ਸੰਭਵ ਸਹਿਯੋਗ ਦੇਣ।

ਜ਼ਿਕਰਯੋਗ ਹੈ ਕਿ SIR-2026 ਤਹਿਤ ਘਰ-ਘਰ ਜਾ ਕੇ ਵੋਟਰ ਤਸਦੀਕ ਦਾ ਕੰਮ 25 ਜੂਨ ਤੋਂ ਸ਼ੁਰੂ ਹੋਇਆ ਸੀ ਅਤੇ ਇਹ 24 ਜੁਲਾਈ ਤੱਕ ਜਾਰੀ ਰਹੇਗਾ। ਐਨਯੂਮੇਰੇਸ਼ਨ ਫਾਰਮਾਂ ਦੀ ਇਕੱਠ ਅਤੇ ਡਿਜੀਟਾਈਜ਼ੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਚੋਣ ਅਧਿਕਾਰੀ ਨੇ 11 ਅਤੇ 12 ਜੁਲਾਈ ਨੂੰ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (BLOs) ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹਿਣਗੇ।

ਜਿਨ੍ਹਾਂ BLOs ਨੇ ਡਿਜੀਟਲ ਡਾਟਾ ਐਂਟਰੀ ਦਾ ਕੰਮ ਪੂਰਾ ਕਰ ਲਿਆ ਹੈ, ਉਹ ਫਾਰਮਾਂ ਵਿੱਚ ਰਹਿ ਗਈਆਂ ਗਲਤੀਆਂ ਅਤੇ ਕਮੀਆਂ ਨੂੰ ਦੂਰ ਕਰਨ ‘ਤੇ ਧਿਆਨ ਦੇਣਗੇ। ਜਦਕਿ ਜਿਨ੍ਹਾਂ ਕੋਲ ਵੱਡੀ ਗਿਣਤੀ ਵਿੱਚ ਫਾਰਮ ਇਕੱਠੇ ਹੋ ਚੁੱਕੇ ਹਨ ਪਰ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਹੈ, ਉਹ ਬਾਕੀ ਰਹਿੰਦੇ ਫਾਰਮਾਂ ਦੀ ਐਂਟਰੀ ਅਤੇ ਇਕੱਠ ਦੀ ਪ੍ਰਕਿਰਿਆ ਨੂੰ ਤੇਜ਼ ਕਰਨਗੇ।