ਲੋਕ ਮਿਲਣੀ ਦੌਰਾਨ ਹਰਜੋਤ ਸਿੰਘ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

1
ਸ੍ਰੀ ਅਨੰਦਪੁਰ ਸਾਹਿਬ 22 ਸਤੰਬਰ 2026 AJ DI Awaaj
Punjab Desk   : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਲੰਮਲੈਹੜੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ, ਗਲੀਆਂ-ਨਾਲੀਆਂ, ਬਿਜਲੀ, ਸਿਹਤ ਅਤੇ ਹੋਰ ਲੋਕ ਹਿੱਤ ਨਾਲ ਸਬੰਧਿਤ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਹਰਜੋਤ ਸਿੰਘ ਬੈਂਸ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ’ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ, ਇਸ ਲਈ ਲੋਕ ਮਿਲਣੀਆਂ ਰਾਹੀਂ ਸਿੱਧੇ ਤੌਰ ’ਤੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਸਮਝਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਸਿਰਫ਼ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਵਿਭਾਗੀ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨਾਲ ਸਬੰਧਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਿਆ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। ਬੈਂਸ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਪੱਖੀ ਕੰਮਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਪ੍ਰਾਪਤੀਆਂ ਬਾਰੇ ਵੀ ਪਿੰਡ ਵਾਸੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਾਣੀ, ਸੜਕਾਂ, ਸਫਾਈ ਅਤੇ ਹੋਰ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਵਿਕਾਸ ਕਾਰਜਾਂ ਦਾ ਲਾਭ ਸਮਾਜ ਦੇ ਹਰ ਵਰਗ ਅਤੇ ਸੂਬੇ ਦੇ ਹਰ ਪਿੰਡ ਤੱਕ ਪਹੁੰਚਾਉਣਾ ਹੈ। ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਦੀ ਯੋਜਨਾਬੰਦੀ ਕਰਕੇ ਕੰਮਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕੇ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਸਰਕਾਰ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕ ਮਿਲਣੀ ਦੌਰਾਨ ਸਾਹਮਣੇ ਆਈ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਕਾਰਵਾਈ ਯਕੀਨੀ ਬਣਾਈ ਜਾਵੇਗੀ। ਪਿੰਡ ਵਾਸੀਆਂ ਨੇ ਵੀ ਮੰਤਰੀ ਵੱਲੋਂ ਮੌਕੇ ’ਤੇ ਸਮੱਸਿਆਵਾਂ ਸੁਣਨ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦੇਣ ਲਈ ਧੰਨਵਾਦ ਕੀਤਾ।