‘ਵੀਰ ਬਾਲ ਦਿਵਸ’ ਪੋਸਟਰ ’ਤੇ ਹਰਸਿਮਰਤ ਕੌਰ ਬਾਦਲ ਦਾ ਇਤਰਾਜ਼

11

Punjab 23 Dec 2025 AJ DI Awaaj

Punjab Desk : ‘ਵੀਰ ਬਾਲ ਦਿਵਸ’ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਪੋਸਟਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤਿੱਖਾ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਆਪਣੇ ਐਕਸ (ਪਹਿਲਾਂ ਟਵਿੱਟਰ) ਅਕਾਊਂਟ ਰਾਹੀਂ ਪੋਸਟ ਸਾਂਝੀ ਕਰਦਿਆਂ ਕੇਂਦਰ ਸਰਕਾਰ ’ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਹਨ।

ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਸਿੱਖ ਮਰਿਆਦਾ ਦੇ ਖਿਲਾਫ਼ ਜਾਂਦਿਆਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਰੱਖਿਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਇਸ ਮਹਾਨ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਨੂੰ ਗੈਰ-ਸਿੱਖ ਵਿਚਾਰਧਾਰਾ ਨਾਲ ਜੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ ਹੈ। ਉਨ੍ਹਾਂ ਅਨੁਸਾਰ, ਅਜਿਹਾ ਪ੍ਰਚਾਰ ਸਿੱਖ ਸਿਧਾਂਤਾਂ ’ਤੇ ਸਿੱਧਾ ਹਮਲਾ ਹੈ ਅਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰਾ ਠੇਸ ਪਹੁੰਚਾਉਂਦਾ ਹੈ।

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਇਸ ਤਰ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਨੂੰ ਰੋਕਿਆ ਜਾਵੇ ਅਤੇ ਅਜਿਹੇ ਪ੍ਰੋਗਰਾਮਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ।