ਮਾਨਸਾ 03 ਅਕਤੂਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ. ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਕਾਰੀ ਸਿਵਲ ਸਰਜਨ ਮਾਨਸਾ ਡਾ.ਕੰਵਲਪ੍ਰੀਤ ਕੌਰ ਬਰਾੜ ਦੀ ਅਗਵਾਈ ਵਿੱਚ ਮਾਨਸਾ ਦੇ ਵਾਰਡ ਨੰਬਰ 25 ਵਿਖੇ ਡੇਂਗੂ ਦੇ ਪਾਜ਼ੀਟਿਵ ਕੇਸਾਂ ਵਾਲੇ ਘਰਾਂ ਦੇ ਆਲੇ ਦੁਆਲੇ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਗਈ।
ਇਸ ਮੌਕੇ ਡਾ.ਕੰਵਲਪ੍ਰੀਤ ਕੌਰ ਬਰਾੜ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਹਿਰ ਮਾਨਸਾ ਅਤੇ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਦੇ ਹਾਟ ਸਪਾਟ ਏਰੀਏ ਅਤੇ ਪਾਜ਼ੀਟਿਵ ਕੇਸ ਵਾਲੇ ਘਰਾਂ ਅੰਦਰ ਇਨਸੈਕਟੀਸਾਈਡ ਸਪਰੇਅ ਅਤੇ ਘਰਾਂ ਦੇ ਬਾਹਰ ਫੋਗਿੰਗ ਕਰਵਾਈ ਜਾ ਰਹੀ ਹੈ l
ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਨੂੰ ਵਿਸ਼ੇਸ਼ ਗਤੀਵਿਧੀ ਦੇ ਤਹਿਤ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾਅ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ, ਘਰਾਂ ਵਿੱਚ ਕੂਲਰ, ਗਮ੍ਹਲੇ, ਮਨੀ ਪਲਾਂਟ ਵਾਲੀਆਂ ਬੋਤਲਾਂ, ਫਰਿੱਜਾਂ ਦੀਆਂ ਟਰੇਆਂ, ਛੱਤਾਂ ‘ਤੇ ਪਏ ਟੁੱਟੇ ਭਾਂਡੇ, ਟਾਇਰਾਂ, ਆਦਿ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਕੇ ਸੁਕਾ ਲੈਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜਾਨਾ ਘਰ-ਘਰ ਅਤੇ ਜਨਤਕ ਥਾਵਾਂ ’ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜ੍ਹਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਸਾਈਡ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਤੋਂ ਬਚਾਅ ਲਈ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ ਦੇ ਪਿੱਛਲੇ ਹਿੱਸੇ ਵਿੱਚ ਦਰਦ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ। ਡੇਂਗੂ ਦਾ ਟੈਸਟ ਸਿਵਲ ਹਸਪਤਾਲ ਮਾਨਸਾ ਅਤੇ ਐਸ.ਡੀ. ਐਚ. ਬੁਢਲਾਡਾ ਵਿਖ਼ੇ ਮੁਫ਼ਤ ਕੀਤਾ ਜਾਂਦਾ ਹੈ, ਇਸ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਨੇ ਕਿਹਾ ਕਿ ਡੇਂਗੂ,ਚਿਕਨਗੁਨੀਆ ਅਤੇ ਮਲੇਰੀਆ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ ਹੈ l ਇਸ ਮੌਕੇ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ, ਸਿਹਤ ਸੁਪਰਵਾਈਜ਼ਰ ਭੋਲਾ ਸਿੰਘ, ਇਨਸੈਕਟ ਕਲੈਕਟਰ ਕ੍ਰਿਸ਼ਨ ਕੁਮਾਰ,ਸਿਹਤ ਕਰਮਚਾਰੀ ਮੋਹਨ ਸਿੰਘ, ਜੀਵਨ ਸਿੰਘ ਅਤੇ ਬਰੀਡਿੰਗ ਚੈੱਕਰ ਮੌਜੂਦ ਸਨ।
