ਸਿਹਤ ਵਿਭਾਗ ਬਰਨਾਲਾ ਵੱਲੋਂ ਡੇਂਗੂ ਰੋਕਥਾਮ ਲਈ ਜਾਗਰੂਕਤਾ ਮੁਹਿੰਮ

2
ਬਰਨਾਲਾ, 19 ਅਕਤੂਬਰ 2026 AJ DI Awaaj
Punjab Desk :   ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਬਚਾਅ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿਹਤ ਟੀਮਾਂ ਵੱਖ-ਵੱਖ ਇਲਾਕਿਆਂ ਵਿੱਚ ਗਈਆਂ ਅਤੇ ਘਰਾਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਵਾਲੀਆਂ ਥਾਂਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ।
ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਅਤੇ ਡਾ. ਸਾਕਸੀ ਸੋਨੀ ਨੇ ਡੇਂਗੂ ਦੇ ਲੱਛਣਾਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਵਿੱਚ ਤੇਜ਼ ਬੁਖਾਰ, ਮਾਸਪੇਸ਼ੀਆਂ ਅਤੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਸਰੀਰ ਉੱਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਲੈ ਕੇ ਇਲਾਜ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਖ਼ਾਸ ਤੌਰ ‘ਤੇ ਅਪੀਲ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਸਿਹਤ ਸੁਪਰਵਾਈਜ਼ਰ ਗੁਰਮੇਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸਹਿਣਾ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ‘ਏਡੀਜ਼ ਏਜਿਪਟੀ’ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਤੋਂ ਬਚਣ ਲਈ ਜ਼ਰੂਰੀ ਹੈ ਕਿ ਮੱਛਰ ਦੇ ਪ੍ਰਜਣਨ ਸਥਾਨਾਂ ਨੂੰ ਨਸ਼ਟ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਘਰਾਂ, ਦੁਕਾਨਾਂ ਅਤੇ ਵਰਕਸ਼ਾਪਾਂ ਦੇ ਬਾਹਰ ਜਾਂ ਛੱਤਾਂ ਉੱਤੇ ਪਿਆ ਕਬਾੜ, ਪੁਰਾਣੇ ਟਾਇਰ, ਗਮਲੇ, ਘੜੇ, ਕੂਲਰ ਅਤੇ ਫ਼ਰਿੱਜ ਦੀ ਪਿਛਲੀ ਟਰੇਅ ਆਦਿ ਨੂੰ ਸਾਫ਼ ਰੱਖਿਆ ਜਾਵੇ। ਹਫ਼ਤੇ ਵਿੱਚ ਦੋ ਦਿਨ ਸੋਮਵਾਰ ਅਤੇ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਵਜੋਂ ਮਨਾਇਆ ਜਾਵੇ। ਪਾਣੀ ਖੜ੍ਹਨ ਵਾਲੇ ਸੋਮਿਆਂ ਨੂੰ ਖ਼ਾਲੀ ਕਰਕੇ ਚੰਗੀ ਤਰ੍ਹਾਂ ਰਗੜ ਕੇ ਅਤੇ ਧੁੱਪ ਵਿੱਚ ਸੁਕਾਇਆ ਜਾਵੇ।
ਇਸ ਮੁਹਿੰਮ ਤਹਿਤ ਬਰਨਾਲਾ ਸ਼ਹਿਰ ਵਿੱਚ ਇਨਸੈਕਟ ਕੁਲੈਕਟਰ ਜਸਵਿੰਦਰ ਸਿੰਘ, ਗਣੇਸ਼ ਦੱਤ, ਜਗਜੀਤ ਸਿੰਘ ਅਤੇ ਗੁਲਾਬ ਸਿੰਘ ਸਮੇਤ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਬਚਾਅ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਬਾਖ਼ੂਬੀ ਨੇਪਰੇ ਚਾੜ੍ਹਿਆ ਗਿਆ।