ਫਾਜ਼ਿਲਕਾ 20 ਅਗਸਤ 2025 AJ DI Awaaj
Punjab Desk : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਨੈਸ਼ਨਲ ਪ੍ਰੋਗ੍ਰਾਮ ਆਫ਼ ਕੰਟਰੋਲ ਆਫ਼ ਬਲਾਈਂਡਨੈੱਸ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜ਼ਿਲਕਾ ਵਿੱਚ 25 ਅਗਸਤ ਤੋਂ 8 ਸਤੰਬਰ 2025 ਤੱਕ ਅੱਖਾਂ ਦਾਨ ਸਬੰਧੀ ਜਾਗਰੁਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਸਬੰਧੀ ਡਾ. ਰਾਜ ਕੁਮਾਰ ਸਿਵਲ ਸਰਜਨ ਨੇ ਦਫ਼ਤਰ ਸਿਵਲ ਸਰਜਨ ਫਾਜ਼ਿਲਕਾ ਵਿਖੇ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਜਾਰੀ ਕੀਤਾ।
ਇਸ ਮੌਕੇ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਉਦੇਸ਼ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਚਿੱਟੇ ਅਤੇ ਕਾਲੇ ਮੋਤੀਆ ਦੇ ਕਾਰਨ ਲੋਕ ਸਥਾਈ ਅਤੇ ਅਸਥਾਈ ਤੌਰ ‘ਤੇ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ। ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਘੱਟ ਹੋਣ ਕਾਰਨ ਅੰਨ੍ਹੇਪਣ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ।ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਨਾਲ ਜੁੜ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨੇ੍ਹਪਣ ਦੇ ਕਾਰਣ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ। ਅੱਖਾਂ ਦਾਨ ਕਰਨ ਵਾਲਾ ਇੱਕ ਵਿਅਕਤੀ ਦੋ ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ।ਕੋਈ ਵੀ ਵਿਅਕਤੀ ਕਿਸੇ ਵੀ ਉਮਰ ਵਿੱਚ ਭਾਵੇਂ ਅੱਖਾਂ ਵਿੱਚ ਲੈਂਜ ਪਾਏ ਹੋਣ, ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇੇਸ਼ਨ ਕੀਤਾ ਹੋਵੇ ਤਾਂ ਵੀ ਅੱਖਾਂ ਦਾਨ ਕਰ ਸਕਦਾ ਹੈ। ਇਸ ਮੌਕੇ ਡਾ. ਏਰਿਕ ਸੀਨੀਅਰ ਮੈਡੀਕਲ ਅਫਸਰ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਪਰਮਜੀਤ ਕੌਰ ਕੰਪਿਊਟਰ ਆਪਰੇਟਰ ਹਾਜ਼ਰ ਹਨ।
