ਬਰਨਾਲਾ, 29 ਜੁਲਾਈ 2025 AJ DI Awaaj
Punjab Desk : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ਵਿੱਚ ਕਿਸੇ ਵੀ ਕਿਸਮ ਦਾ ਫੋਰ—ਵੀਲਰ ਦਾਖ਼ਲ ਨਾ ਕੀਤਾ ਜਾਵੇ ਅਤੇ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫੋਰ—ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਕੀਤੀ ਜਾਵੇ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ਵਿੱਚ ਫੋਰ—ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ਵਿੱਚ ਲੋਡਿੰਗ ਵਹੀਕਲਜ਼, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਟਾ 407, ਹੈਵੀ ਟਰੱਕਾਂ ਆਦਿ ਦੇ ਦਾਖ਼ਲ ਹੋਣ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਦਿਨ ਦੇ ਬਾਕੀ ਸਮੇਂ ਇਨਹਾਂ ਵਾਹਨਾਂ ਦੇ ਦਾਖ਼ਲ ਹੋਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
ਇਕ ਹੋਰ ਹੁਕਮ ਅਨੁਸਾਰ ਉਨ੍ਹਾਂ ਜ਼ਿਲ੍ਹੇ ਅੰਦਰ ਅਣ—ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸੱਭਿਆਚਾਰਕ/ਧਾਰਮਿਕ ਅਤੇ ਹੋਰ ਪ੍ਰੋਗਰਾਮਾਂ ਆਦਿ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ। ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ।
ਇਹ ਹੁਕਮ ਮਿਤੀ 15 ਸਤੰਬਰ, 2025 ਤੱਕ ਲਾਗੂ ਰਹਿਣਗੇ।
