ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਆਲੇ ਦੁਆਲੇ ਵਿਰਾਸਤੀ ਦਿੱਖ

37

ਸ੍ਰੀ ਮੁਕਤਸਰ ਸਾਹਿਬ, 18 ਅਗਸਤ 2025 AJ DI Awaaj

Punjab Desk : ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਪੁਰਾਤਨ ਦਿਖ ਬਹਾਲ ਕਰਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸੂਬਾ ਸਰਕਾਰ ਨੂੰ ਕੀਤੀ ਬੇਨਤੀ ਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਤੋਂ ਬਾਅਦ ਦੀਪਕ ਬਾਲੀ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਚਾਰ ਚੁਫੇਰੇ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟ ਸਬੰਧੀ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਦੀਪਕ ਬਾਲੀ ਕਿਹਾ ਕਿ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਤਰਜ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਵੀ ਵਿਰਾਸਤੀ ਦਿੱਖ ਛੇਤੀ ਹੀ ਬਹਾਲ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਗੁਰੂਦੁਆਰੇ ਦੇ ਸਾਰੇ ਗੇਟਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਹੱਤਵਪੂਰਨ ਕਾਰਜ ਸਬੰਧੀ ਮੀਟਿੰਗ ਵੀ ਕੀਤੀ।

ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਨਿਰੰਤਰ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਖੇਤਰ ਵਿੱਚ ਵਿੱਚ ਬਾਮਿਸਾਲ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਹਰ ਕੰਮ ਲੋਕਾਂ ਦੀ ਮੰਗ ਅਨੁਸਾਰ ਹੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਵਿਕਾਸ ਪਰੋਜੈਕਟਾਂ ਨੂੰ ਮਿਆਰੀ ਢੰਗ ਨਾਲ ਪੂਰਾ ਕਰਵਾਉਣ ਮੌਕੇ ਲੋਕਾਂ ਦੇ ਇੱਕ ਇੱਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਹੈ।

ਇਸ ਮੌਕੇ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਚਾਲੀ ਮੁਕਤਿਆਂ ਦੀ ਇਤਿਹਾਸਕ ਧਰਤੀ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਸ੍ਰੀ ਅਮ੍ਰਿਤਸਰ ਸਾਹਿਬ ਦੀ ਤਰਜ਼ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਦਿੱਖ ਬਣਾਈ ਜਾਵੇ ਜਿਸ ’ਤੇ ਸਰਕਾਰ ਨੇ ਅਮਲ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰ ਸਲਾਹਕਾਰ ਸ੍ਰੀ ਦੀਪਕ ਬਾਲੀ ਮੌਕੇ ’ਤੇ ਪਹੁੰਚੇ। ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੇ ਫੰਡ ਸਬੰਧਤ ਮਹਕਮਿਆਂ ਨੂੰ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਤੋਂ ਭੁਪਿੰਦਰ ਸਿੰਘ ਚਾਨਾ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਐਸ.ਡੀ.ਓ ਹਰਮੀਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।