ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਵਿਸ਼ਾਲ ਮਾਰਚ, ਟਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

2

29 July 2026 Aj Di Awaaj

Chandigarh Desk:  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸੱਦੇ ‘ਤੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਚੰਡੀਗੜ੍ਹ ਵੱਲ ਵਿਸ਼ਾਲ ਸ਼ਾਂਤਮਈ ਮਾਰਚ ਸ਼ੁਰੂ ਹੋ ਗਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਹਜ਼ਾਰਾਂ ਸਮਰਥਕ ਪਹਿਲਾਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਅਤੇ ਉੱਥੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ।

ਮਾਰਚ ਤੋਂ ਪਹਿਲਾਂ ਜਥੇਬੰਦੀ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ ਅਤੇ ਸਾਰੇ ਭਾਗੀਦਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਦੂਰ ਰਹਿਣ। ਉਨ੍ਹਾਂ ਦੱਸਿਆ ਕਿ ਦਾਖਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਹੀ ਕਰੀਬ 500 ਵਾਹਨਾਂ ਦਾ ਕਾਫ਼ਲਾ ਮਾਰਚ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ।

ਮਾਰਚ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਵਿਸ਼ੇਸ਼ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਵੇਰੇ 9:30 ਵਜੇ ਤੋਂ ਚੰਡੀਗੜ੍ਹ-ਮੁਹਾਲੀ ਸਰਹੱਦ, ਸੈਕਟਰ-43 ਆਈਐਸਬੀਟੀ ਅਤੇ ਇਸ ਨਾਲ ਜੁੜੇ ਕਈ ਮੁੱਖ ਰਸਤਿਆਂ ‘ਤੇ ਟਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ।

ਪੁਲਿਸ ਮੁਤਾਬਕ, ਯੂਟੀ-ਮੁਹਾਲੀ ਬਾਰਡਰ ਤੋਂ ਸੈਕਟਰ 50/51 ਚੌਂਕ, ਗਊਸ਼ਾਲਾ ਚੌਂਕ, ਸੈਕਟਰ 44/45 ਅਤੇ ਸੈਕਟਰ 45/46 ਲਾਈਟ ਪੁਆਇੰਟ ਸਮੇਤ ਕਈ ਰੂਟਾਂ ‘ਤੇ ਆਵਾਜਾਈ ਪ੍ਰਭਾਵਿਤ ਰਹੇਗੀ। ਬੱਸਾਂ ਲਈ ਵੀ ਬਦਲਵੇਂ ਰੂਟ ਤੈਅ ਕੀਤੇ ਗਏ ਹਨ।

ਟਰੈਫਿਕ ਪੁਲਿਸ ਨੇ ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ, ਵਿਕਲਪਕ ਮਾਰਗਾਂ ਦੀ ਵਰਤੋਂ ਕਰਨ ਅਤੇ ਤਾਜ਼ਾ ਟਰੈਫਿਕ ਅਪਡੇਟ ਲਈ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ।