ਬਰਾਮਦ ਹਥਿਆਰ ਅਪਰਾਧਿਕ ਤੱਤਾਂ ਵਿੱਚ ਵੰਡਣ ਲਈ ਸਨ: ਡੀਜੀਪੀ ਗੌਰਵ ਯਾਦਵ
ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ: ਸੀਪੀ ਗੁਰਪ੍ਰੀਤ ਸਿੰਘ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 18 ਜੂਨ 2026 Aj Di Awaaj
Punjab Desk: ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ Gaurav Yadav ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਲਾਬਜੀਤ ਸਿੰਘ ਉਰਫ਼ ਪ੍ਰਿੰਸ (21), ਹਰਪ੍ਰੀਤ ਸਿੰਘ ਉਰਫ਼ ਪ੍ਰੀਤ (23), ਗੁਰਪ੍ਰੀਤ ਸਿੰਘ ਉਰਫ਼ ਗੋਪੀ (24), ਕੁਲਜੀਤ ਸਿੰਘ (39), ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (40), ਅਮਨ ਰਾਣਾ ਉਰਫ਼ ਚੀਨੀ (20), ਸ਼ਰਨਜੀਤ ਸਿੰਘ ਉਰਫ਼ ਸੰਨੀ (29) ਅਤੇ ਅਜੈ ਸਿੰਘ (23) ਵਜੋਂ ਹੋਈ ਹੈ।
ਬਰਾਮਦ ਹਥਿਆਰਾਂ ਵਿੱਚ ਚੀਨ ਵਿੱਚ ਬਣੀਆਂ ਚਾਰ .30 ਬੋਰ ਪਿਸਤੌਲਾਂ, ਚਾਰ .30 ਬੋਰ PX5 ਸਟਾਰਮ ਪਿਸਤੌਲਾਂ, ਇੱਕ .30 ਬੋਰ ਜਿਗਾਨਾ, ਇੱਕ 9 ਐਮਐਮ ਗਲੌਕ (ਆਸਟਰੀਆ ਬਣੀ) ਅਤੇ ਇੱਕ ਹੋਰ 9 ਐਮਐਮ ਪਿਸਤੌਲ (ਆਸਟਰੀਆ ਬਣੀ) ਸ਼ਾਮਲ ਹੈ। ਇਸ ਤੋਂ ਇਲਾਵਾ ਅੱਠ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਉਹਨਾਂ ਆਪਰੇਟਰਾਂ ਦੇ ਸੰਪਰਕ ਵਿੱਚ ਸਨ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਹਥਿਆਰ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਅਤੇ ਫਿਰੌਤੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਵਰਤੋਂ ਲਈ ਮੰਗਵਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਅੱਗੇ-ਪਿੱਛੇ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ Gurpreet Singh Bhullar ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਏ ਗਏ ਖੁਫੀਆ ਆਪਰੇਸ਼ਨ ਦੌਰਾਨ ਪੁਲਿਸ ਨੇ ਸਭ ਤੋਂ ਪਹਿਲਾਂ ਗੁਲਾਬਜੀਤ ਉਰਫ਼ ਪ੍ਰਿੰਸ ਅਤੇ ਹਰਪ੍ਰੀਤ ਉਰਫ਼ ਪ੍ਰੀਤ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ।
ਅਗਲੀ ਜਾਂਚ ਦੌਰਾਨ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਚਾਰ ਪਿਸਤੌਲ ਬਰਾਮਦ ਕੀਤੇ ਗਏ। ਉਸ ਦੀ ਨਿਸ਼ਾਨਦੇਹੀ ‘ਤੇ ਉਸਦੇ ਸਾਥੀ ਕੁਲਜੀਤ ਸਿੰਘ ਅਤੇ ਸ਼ਮਸ਼ੇਰ ਉਰਫ਼ ਸ਼ੇਰਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਦੋ ਹੋਰ ਪਿਸਤੌਲ ਬਰਾਮਦ ਹੋਏ।
ਪੁੱਛਗਿੱਛ ਦੌਰਾਨ ਗੁਰਪ੍ਰੀਤ ਉਰਫ਼ ਗੋਪੀ ਨੇ ਖੁਲਾਸਾ ਕੀਤਾ ਕਿ ਉਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਗੈਂਗਸਟਰਾਂ ਦੇ ਸੰਪਰਕ ਵਿੱਚ ਸੀ, ਜੋ ਅਟਾਰੀ ਸੈਕਟਰ ਦੇ ਵੱਖ-ਵੱਖ ਇਲਾਕਿਆਂ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਦੀ ਖੇਪ ਭੇਜਦੇ ਸਨ।
ਅੱਗੇ ਦੀ ਜਾਂਚ ਦੌਰਾਨ ਅਮਨ ਰਾਣਾ ਉਰਫ਼ ਚੀਨੀ ਅਤੇ ਸ਼ਰਨਜੀਤ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ‘ਤੇ ਅਜੈ ਸਿੰਘ ਨੂੰ ਵੀ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਰਪ੍ਰੀਤ ਉਰਫ਼ ਪ੍ਰੀਤ, ਗੁਰਪ੍ਰੀਤ ਉਰਫ਼ ਗੋਪੀ, ਸ਼ਰਨਜੀਤ ਉਰਫ਼ ਸੰਨੀ ਅਤੇ ਅਜੈ ਸਿੰਘ ਪਹਿਲਾਂ ਵੀ ਕਤਲ, ਕਤਲ ਦੀ ਕੋਸ਼ਿਸ਼, ਆਰਮਜ਼ ਐਕਟ, ਐਨਡੀਪੀਐਸ ਐਕਟ ਅਤੇ ਚੋਰੀ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ।
ਇਸ ਸਬੰਧੀ ਅੰਮ੍ਰਿਤਸਰ ਦੇ Punjab Police ਵੱਲੋਂ ਤਿੰਨ ਵੱਖ-ਵੱਖ ਐੱਫਆਈਆਰਾਂ ਦਰਜ ਕੀਤੀਆਂ ਗਈਆਂ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।














