25 ਫਰਵਰੀ 2025 Aj Di Awaaj
ਬਟਾਲਾ, 25 ਫਰਵਰੀ 2025 ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਸ.ਐਫ ਟੀਮ ਬਟਾਲਾ ਆਪਣੀ ਡਿਊਟੀ ਬਾਖੂਬੀ ਨਿਭਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਬਟਾਲਾ, ਰਾਸ਼ਟਰੀ ਹਾਈਵੇਅ ’ਤੇ 24 ਘੰਟੇ ਗਸ਼ਤ ਕਰਦੀ ਹੈ, ਜੋ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਦੁਰਘਟਨਾਵਾਂ ਦੀ ਸਥਿਤੀ ਵਿੱਚ ਜ਼ਰੂਰੀ ਮੁੱਢਲੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਐਮਰਜੈਂਸੀ ਵਿੱਚ 112 ਡਾਇਲ ਕਰਕੇ ਪੁਲਿਸ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਉਨਾਂ ਦੱਸਿਆ ਕਿ ਪੁਲਿਸ ਜਿਲੇ ਬਟਾਲਾ ਵਿੱਚ ਵੱਖ-ਵੱਖ ਥਾਵਾਂ ਤੇ ਸੜਕ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ ਜੋ ਕਿ ਸੜਕਾਂ ਤੇ ਹੋਣ ਵਾਲੇ ਸੜਕ ਹਾਦਸਿਆਂ ਮੌਕੇ ਤੁਰੰਤ ਲੋਕਾਂ ਦੀ ਸਹਾਇਤਾ ਲਈ ਪਹੁੰਚਦੀ ਹੈ। ‘ਸੜਕ ਸੁਰੱਖਿਆ ਫੋਰਸ’ ਵਿੱਚ ਚਾਰ ਹਾਈਟੈੱਕ ਗੱਡੀਆਂ ਸ਼ਾਮਲ ਹਨ ਅਤੇ ਇਹ ਵਾਹਨ 30 ਕਿਲੋਮੀਟਰ ਦੇ ਵਕਫੇ ਨਾਲ ਤਾਇਨਾਤ ਕੀਤੇ ਗਏ ਹਨ। ਇਨਾਂ ਵਾਹਨਾਂ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਦੀ ਟੀਮ ਸ਼ਾਮਲ ਹੈ। ਪੈਟਰੋਲਿੰਗ ਇੰਚਾਰਜ ਵਜੋਂ ਏ.ਐਸ.ਆਈ. ਜਾਂ ਉਸ ਤੋਂ ਉੱਚ ਰੈਂਕ ਦਾ ਅਧਿਕਾਰੀ ਹੁੰਦਾ ਹੋ ਜੋ 24 ਘੰਟੇ ਵਾਹਨ ਸੜਕਾਂ ਤੇ ਪੈਟਰੋਲਿੰਗ ਕਰਦੇ ਹਨ।
