ਪ੍ਰੀਖਿਆਵਾਂ ਦੇ ਮੱਦੇਨਜ਼ਰ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਲਾਊਡ ਸਪੀਕਰ ਨਾ ਲਗਾਉਣ ਦੀ ਅਪੀਲ

40

18 ਫਰਵਰੀ 2025  Aj Di Awaaj

ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ ਸਮੂਹ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਮਤਿਹਾਨਾਂ ਦੇ ਮੱਦੇਨਜ਼ਰ ਸਵੇਰੇ-ਸ਼ਾਮ ਧਾਰਮਿਕ ਅਸਥਾਨਾਂ ਵਿੱਚ ਉੱਚੀ ਅਵਾਜ਼ ਵਿੱਚ ਸਪੀਕਰ ਨਾ ਲਗਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਬੋਰਡ ਦੀਆਂ ਜਮਾਤਾਂ ਸਮੇਤ ਸਾਰੀਆਂ ਹੀ ਜਮਾਤਾਂ ਦੇ ਪੇਪਰ ਚੱਲ ਰਹੇ ਹਨ ਅਤੇ ਵਿਦਿਆਰਥੀਆਂ ਵੱਲੋਂ ਆਪਣੇ ਇਮਤਿਹਾਨਾਂ ਦੀ ਤਿਆਰੀ ਕੀਤੀ ਜਾ ਰਹੀ ਹੈ।

ਅਜਿਹੇ ਵਿੱਚ ਉੱਚੀ ਅਵਾਜ਼ ਵਿੱਚ ਸਪੀਕਰ ਲੱਗਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਪੈਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਉੱਚੀ ਅਵਾਜ਼ ਵਿੱਚ ਸਪੀਕਰ ਨਾ ਲਗਾਏ ਜਾਣ।

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ (ਸਿਵਲ ਰਿੱਟ ਪਟੀਸ਼ਨ ਨੰਬਰ 72 ਇਨ ਰੈਫਰੇਂਸ ਨੋਟਿਸ ਪਲਿਊਸ਼ਨ ਵਿਦ ਅਪੀਲ ਨੰਬਰ 3735 ਆਫ਼ 2005 ਅਰਾਈਜਿੰਗ ਆਊਟ ਐੱਸ.ਪੀ.ਐੱਲ. ਨੰਬਰ 2185/2003) ਵਿੱਚ ਪਾਸ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਜ਼ਿਲ੍ਹਾ ਗੁਰਦਾਸਪੁਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਂਦੇ ਮਿਊਜ਼ਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਨਾਹੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।