ਉੱਪਲੀ ਅਤੇ ਚੱਠੇ ਸੇਖਵਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

57

ਸੁਨਾਮ, 25 ਅਗਸਤ 2025 AJ DI Awaaj

Punjab Desk – ਹਲਕਾ ਸੁਨਾਮ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪਿੰਡ ਉੱਪਲੀ ਵਿੱਚ ਆਂਗਣਵਾੜੀ ਸੈਂਟਰ ਦਾ ਉਦਘਾਟਨ ਅਤੇ ਪਿੰਡ ਚੱਠੇ ਸੇਖਵਾਂ ਵਿੱਚ ਪੰਚਾਇਤ ਘਰ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨਾਲ ਦੋਵੇਂ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਉਦਘਾਟਨ ਉਪਰੰਤ ਵੱਖ ਵੱਖ ਲੋਕ ਮਿਲਣੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਦੇ ਨਾਲ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਦੋਵਾਂ ਪਿੰਡਾਂ ਦੇ ਵਾਸੀਆਂ ਦੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ। ਉਹਨਾਂ ਦਾਅਵੇ ਨਾਲ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਉਹਨਾਂ ਜਿੱਥੇ ਪਿੰਡ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੁਨਾਮ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ।

ਇਸ ਮੌਕੇ ਜਗੀਰ ਸਿੰਘ ਸਰਪੰਚ ਉੱਪਲੀ, ਕੁਲਦੀਪ ਸਿੰਘ ਲਾਡੀ, ਅਵਤਾਰ ਸਿੰਘ ਤਾਰੀ, ਦਰਸ਼ਨ ਸਿੰਘ ਸਰਪੰਚ ਚੱਠੇ ਸੇਖਵਾਂ, ਮਨਪ੍ਰੀਤ ਸਿੰਘ ਮਨੀ, ਗੁਰਮੀਤ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।