ਮਾਲੇਰਕੋਟਲਾ, 23 ਸਤੰਬਰ 2025
Punjab Desk : ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਅਤੇ ਸੈਟਲਾਈਟ ਮਾਨੀਟਰਿੰਗ ਅਧੀਨ ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਮਦੇਵੀ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਤੁਰੰਤ ਸੰਬੰਧਤ ਕਿਸਾਨ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਡਲ ਅਤੇ ਫੀਲਡ ਅਧਿਕਾਰੀਆਂ ਦੀ ਰਿਪੋਰਟ ਦੇ ਅਧਾਰ ’ਤੇ ਹੁਕਮ ਜਾਰੀ ਕਰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਸੰਬੰਧਤ ਕਿਸਾਨ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਉਸ ’ਤੇ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਲਾਲ ਐਂਟਰੀ ਕਾਰਨ ਕਿਸਾਨ ਨੂੰ ਸਰਕਾਰੀ ਸਬਸਿਡੀ, ਕਰਜ਼ਾ ਸੁਵਿਧਾਵਾਂ ਅਤੇ ਹੋਰ ਸਰਕਾਰੀ ਲਾਭਾਂ ਤੋਂ ਵੀ ਵੰਚਿਤ ਕੀਤਾ ਜਾ ਸਕਦਾ ਹੈ।
ਐਸ.ਡੀ.ਐਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਸਬੰਧੀ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ। ਕਿਸੇ ਵੀ ਕਿਸਾਨ ਜਾਂ ਵਿਅਕਤੀ ਵੱਲੋਂ ਖੇਤਾਂ ਵਿੱਚ ਪਰਾਲੀ ਜਾਂ ਰਹਿੰਦ-ਖੂਹਦ ਨੂੰ ਅੱਗ ਲਗਾਉਣ ਦੀ ਕਾਰਵਾਈ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਗਰੀਨ ਟ੍ਰਿਬਿਊਨਲ (NGT) ਅਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਵੀ ਇਸ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਨੂੰ ਗੰਭੀਰ ਵਾਤਾਵਰਣਕ ਅਪਰਾਧ ਮੰਨਿਆ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਰਧਾਰਤ ਜੁਰਮਾਨਿਆਂ ਦੇ ਨਾਲ-ਨਾਲ ਫੌਜਦਾਰੀ ਕਾਰਵਾਈ ਦਾ ਉਪਬੰਧ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਇਨ-ਸੀਟੂ ਪ੍ਰਬੰਧਨ ਤਰੀਕੇ (ਪਰਾਲੀ ਨੂੰ ਖੇਤ ਵਿੱਚ ਹੀ ਮਿੱਟੀ ਨਾਲ ਮਿਲਾਉਣਾ) ਜਾਂ ਐਕਸ–ਸੀਟੂ ਤਰੀਕੇ (ਬੇਲਰਾਂ ਰਾਹੀਂ ਇਕੱਠਾ ਕਰਕੇ ਹੋਰ ਵਰਤੋਂ ਲਈ ਭੇਜਣਾ) ਅਪਣਾਉਣ। ਇਸ ਨਾਲ ਨਾ ਸਿਰਫ਼ ਵਾਤਾਵਰਣ ਦੀ ਰੱਖਿਆ ਹੋਵੇਗੀ, ਸਗੋਂ ਮਿੱਟੀ ਦੀ ਉਪਜਾਊ ਸਮਰੱਥਾ ਵੀ ਕਾਇਮ ਰਹੇਗੀ।
ਚੇਤਾਵਨੀ ਦਿਦਿਆਂ ਐਸ.ਡੀ.ਐਮ. ਨੇ ਕਿਹਾ, “ਪਰਾਲੀ ਸਾੜਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਰਿਆਯਤ ਨਹੀਂ ਦਿੱਤੀ ਜਾਵੇਗੀ। ਹਰ ਘਟਨਾ ਦੀ ਨਿਗਰਾਨੀ ਸੈਟਲਾਈਟ ਇਮੇਜਰੀ ਅਤੇ ਫ਼ੀਲਡ ਰਿਪੋਰਟਾਂ ਰਾਹੀਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਹੈ ਕਿ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾਵੇ ਅਤੇ ਆਉਣ ਵਾਲੀਆਂ ਪੀੜੀਆਂ ਲਈ ਸਾਫ਼ ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾਵੇ।”
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸਾਫ਼ ਸੁਨੇਹਾ ਦਿੱਤਾ ਗਿਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਰਾਸ਼ਟਰੀ ਗਰੀਨ ਟ੍ਰਿਬਿਊਨਲ (NGT) ਅਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਲਾਗੂ ਕੀਤੀ ਜਾਵੇਗੀ।
