ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ
ਜਲੰਧਰ, 22 ਫਰਵਰੀ 2025 Aj Di Awaaj
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਜਲੰਧਰ ਦੇ ਦੋ ਦਿਨਾਂ ਅਚਨਚੇਤ ਦੌਰੇ ਦੌਰਾਨ ਜ਼ਿਲ੍ਹੇ ਵਿੱਚ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।
ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਨਵਾਂ ਪਿੰਡ ਅਰਾਈਆ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਸਿੱਧਵਾਂ, ਸਰਕਾਰੀ ਐਲੀਮੈਂਟਰੀ ਸਕੂਲ, ਕਾਕੀ ਪਿੰਡ ਬਲਾਕ ਪੂਰਬੀ, ਸਰਕਾਰੀ ਪ੍ਰਾਇਮਰੀ ਸਕੂਲ, ਦਕੋਹਾ ਅਤੇ ਸ਼ਹੀਦ ਦਲਜੀਤ ਸਿੰਘ ਸਰਕਾਰੀ ਸਕੂਲ, ਦਕੋਹਾ ਤੋਂ ਇਲਾਵਾ ਆਂਗਣਵਾੜੀ ਸੈਂਟਰ ਦਕੋਹਾ, ਕਾਕੀ ਪਿੰਡ, ਸਿੱਧਵਾਂ, ਨਵਾਂ ਪਿੰਡ ਅਰਾਈਆ ਅਤੇ ਮੁਹੱਲਾ ਗੁਰੂ ਨਾਨਕ ਪੁਰਾ ਨਕੋਦਰ, ਰੇਲਵੇ ਰੋਡ ਨਕੋਦਰ ਅਤੇ ਪਿੰਡ ਡਰੋਲੀ ਵਿਖੇ ਰਾਸ਼ਨ ਡਿਪੂਆਂ ਦਾ ਨਿਰੀਖਣ ਕੀਤਾ ਗਿਆ।
ਸ਼੍ਰੀ ਧਾਲੀਵਾਲ ਨੇ ਉਕਤ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਿੱਤੇ ਰਹੇ ਖਾਣੇ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਅਨਾਜ ਭੰਡਾਰ ਘਰਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਮਿਡ-ਡੇ ਮੀਲ ਦੀ ਗੁਣਵੱਤਾ ਯਕੀਨੀ ਬਣਾਉਣ, ਰਾਸ਼ਨ ਨੂੰ ਸੁਰੱਖਿਅਤ ਢੰਗ ਨਾਲ ਰੱਖਣ ਅਤੇ ਰਸੋਈਆਂ, ਜਿਥੇ ਮਿਡ-ਡੇ ਮੀਲ ਤਿਆਰ ਕੀਤਾ ਜਾਂਦਾ ਹੈ, ਨੂੰ ਸਾਫ਼-ਸੁਥਰਾ ਰੱਖਣ ਦੀਆਂ ਹਦਾਇਤਾਂ ਦਿੱਤੀਆਂ।
ਇਸ ਉਪਰੰਤ ਉਨ੍ਹਾਂ ਵੱਲੋਂ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕਰਕੇ ਲਾਭਪਾਤਰੀਆਂ ਅਤੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਲਾਭ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਚੈਕਿੰਗ ਦੌਰਾਨ ਪਾਇਆ ਗਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਸਾਮਾਨ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਸੀ। ਨਿਰੀਖਣ ਦੌਰਾਨ ਆਂਗਣਵਾੜੀ ਕੇਂਦਰਾਂ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ।
ਇਸ ਤੋਂ ਬਾਅਦ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਰਾਸ਼ਨ ਡਿਪੂਆਂ ਵਿਖੇ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਅਤੇ ਡਿਪੂਆਂ ਰਾਹੀਂ ਕਣਕ ਦੀ ਵੰਡ ’ਤੇ ਤਸੱਲੀ ਪ੍ਰਗਟ ਕੀਤੀ।
ਇਸ ਦੌਰਾਨ ਉਨ੍ਹਾਂ ਲਾਭਪਾਤਰੀਆਂ ਨੂੰ ਪੰਜਾਬ ਸਟੇਟ ਫੂਡ ਕਮਿਸ਼ਨ ਦੀ ਹੈਲਪਲਾਈਨ ਬਾਰੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੱਸਿਆ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਲਈ ਈਮੇਲ punjabfoodcommission@gmail.com ਜਾਂ ਹੈਲਪਲਾਈਨ ਨੰਬਰ 98767-64545 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਦਰਜ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
