ਹੁਸ਼ਿਆਰਪੁਰ, 23 ਅਕਤੂਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਵਿਭਾਗ ਮੁਖੀਆਂ ਤੋਂ ਉਨ੍ਹਾਂ ਦੇ ਕੰਮ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ‘ਐਨਕਾਰਡ’ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹੇ ਵਿਚ ਨਸ਼ੇ ਦੇ ਖ਼ਾਤਮੇ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮਾਜ ਵਿਚ ਫ਼ੈਲੇ ਇਸ ਜ਼ਹਿਰ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ, ਸਿਹਤ, ਡਰੱਗ ਕੰਟਰੋਲਰ, ਆਬਕਾਰੀ ਅਤੇ ਕਰ, ਪੁਲਿਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਆਪਣੇ ਪੱਧਰ ‘ਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹਰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲੈਕ ਸਪਾਟਾਂ ਦੀ ਪਛਾਣ ਕਰਨ ਅਤੇ ਸੁਰੱਖਿਆ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਰਾਹਗੀਰ ਹਾਦਸੇ ਦਾ ਸ਼ਿਕਾਰ ਨਾ ਹੋਵੇ।
ਇਸ ਦੌਰਾਨ ਟਰਾਂਸਪੋਰਟ ਵਿਭਾਗ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਨੀਤੀ ਦੇ ਤਹਿਤ ਸਤੰਬਰ ਮਹੀਨੇ ਵਿਚ 157 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 15 ਚਲਾਨ ਕੀਤੇ ਗਏ। ਇਸੇ ਤਰ੍ਹਾਂ ਪੁਲਿਸ ਵਿਭਾਗ ਨੇ ਇਕ ਇਨਫੋਰਸਮੈਂਟ ਮੁਹਿੰਮ ਦੇ ਹਿੱਸੇ ਵਜੋਂ ਸਤੰਬਰ ਵਿਚ 5,330 ਚਲਾਨ ਜਾਰੀ ਕੀਤੇ, ਜਿਸ ਵਿਚ 444 ਮੌਕੇ ‘ਤੇ ਜ਼ੁਰਮਾਨੇ ਸ਼ਾਮਿਲ ਹਨ ਅਤੇ ਕੁੱਲ 2,26,500 ਰੁਪਏ ਜ਼ੁਰਮਾਨਾ ਵਸੂਲਿਆ ਗਿਆ।
ਇਸ ਤੋਂ ਬਾਅਦ ਉਨ੍ਹਾਂ ਸੈਨਿਕ ਭਲਾਈ ਵਿਭਾਗ, ਜੀ.ਐਸ.ਟੀ, ਆਬਕਾਰੀ, ਜ਼ਿਲ੍ਹਾ ਵਾਤਾਵਰਨ ਕਮੇਟੀ, ਯੂ.ਈ.ਆਈ.ਪੀ, ਸਵੱਛ ਭਾਰਤ ਮੁਹਿੰਮ ਸ਼ਹਿਰੀ, ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦੇ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂਬੱਧਤਾ ਨੂੰ ਯਕੀਨੀ ਬਣਾਉਣਾ ਹੈ। ਸਾਰੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਯੋਜਨਾ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ।
ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਆਰ.ਟੀ.ਓ ਅਮਨਦੀਪ ਕੌਰ ਸੰਧੂ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਮੇਜਰ ਸਿੰਘ, ਡੀ.ਐਸ.ਪੀ ਜਗੀਰ ਸਿੰਘ ਅਤੇ ਹੋਰ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
