CM ਮਾਨ ਦੀ ਪੇਸ਼ੀ ਤੋਂ ਪਹਿਲਾਂ ਜਥੇਦਾਰ ਗਿਆਨੀ ਗੜਗੱਜ ਦਾ ਵੱਡਾ ਬਿਆਨ

15

Amritsar 12 Jan 2026 AJ DI Awaaj

Punjab Desk :  ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਹੋ ਰਹੀ ਸਿਆਸਤ ’ਤੇ ਸਖ਼ਤ ਐਤਰਾਜ਼ ਜਤਾਇਆ ਹੈ। ਉਨ੍ਹਾਂ ਸਾਰੀਆਂ ਰਾਜਨੀਤਕ ਧਿਰਾਂ ਨੂੰ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਮਸਲੇ ’ਤੇ ਤੁਰੰਤ ਸਿਆਸਤ ਬੰਦ ਕੀਤੀ ਜਾਵੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਹਰ ਸਿੱਖ ਉਨ੍ਹਾਂ ਪ੍ਰਤੀ ਅਟੱਲ ਸ਼ਰਧਾ ਰੱਖਦਾ ਹੈ। ਉਨ੍ਹਾਂ ਦੱਸਿਆ ਕਿ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਈਸ਼ਰ ਸਿੰਘ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਬਣਾਇਆ ਗਿਆ ਸੀ।

ਕਮਿਸ਼ਨ ਦੀ ਰਿਪੋਰਟ ਮੁਤਾਬਕ, ਇਹ ਪਾਵਨ ਸਰੂਪ ਕੁਝ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੰਗਤਾਂ ਨੂੰ ਦਿੱਤੇ ਗਏ ਅਤੇ ਉਨ੍ਹਾਂ ਦੀ ਬਣਦੀ ਭੇਟਾ ਟਰਸਟ ਫੰਡਾਂ ਵਿੱਚ ਜਮ੍ਹਾਂ ਨਹੀਂ ਕਰਵਾਈ ਗਈ। ਇਸਦੇ ਨਾਲ ਹੀ ਨਾ ਤਾਂ ਕੋਈ ਬਿੱਲ ਕੱਟੇ ਗਏ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਧਾਰਮਿਕ ਨਹੀਂ, ਸਗੋਂ ਕੁਝ ਭ੍ਰਿਸ਼ਟ ਮੁਲਾਜ਼ਮਾਂ ਵੱਲੋਂ ਕੀਤੀ ਗਈ ਵਿੱਤੀ ਘਪਲੇਬਾਜ਼ੀ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕੀਤੀ ਗਈ ਕਮਿਸ਼ਨ ਰਿਪੋਰਟ ਵਿੱਚ 16 ਦੋਸ਼ੀਆਂ ਦੇ ਨਾਮ ਸਪੱਸ਼ਟ ਤੌਰ ’ਤੇ ਦਰਜ ਹਨ, ਜਿਨ੍ਹਾਂ ਨੂੰ ਤਖ਼ਤ ਸਾਹਿਬ ਵੀ ਦੋਸ਼ੀ ਮੰਨਦਾ ਹੈ। ਇਨ੍ਹਾਂ ਸਾਰੇ ਦੋਸ਼ੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ। ਜਥੇਦਾਰ ਗੜਗੱਜ ਨੇ ਯਾਦ ਦਿਵਾਇਆ ਕਿ 17 ਨਵੰਬਰ 2020 ਨੂੰ ਉਸ ਸਮੇਂ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਨੂੰ ਪ੍ਰਬੰਧਕੀ ਭ੍ਰਿਸ਼ਟਾਚਾਰ ਕਰਾਰ ਦਿੱਤਾ ਸੀ।

ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਸਰਕਾਰੀ ਦਖਲ ਕਦੇ ਕਬੂਲ ਨਹੀਂ ਕੀਤਾ ਗਿਆ, ਪਰ ਪੰਥਕ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਕੇਵਲ ਇਸ ਮਾਮਲੇ ਵਿੱਚ ਸਰਕਾਰ ਨਾਲ ਸਹਿਯੋਗ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਜਾਂਚ ਦੌਰਾਨ ਜੇਕਰ ਕਿਸੇ ਜਾਣਕਾਰੀ ਦੀ ਲੋੜ ਪਈ, ਤਾਂ ਪ੍ਰਧਾਨ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਸਥਿਤ ਸਬ-ਦਫ਼ਤਰ ਤੋਂ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਜਥੇਦਾਰ ਗੜਗੱਜ ਨੇ ਚੇਤਾਵਨੀ ਦਿੱਤੀ ਕਿ ਕਮਿਸ਼ਨ ਦੀ ਰਿਪੋਰਟ ਵਿੱਚ ਸਾਫ਼ ਲਿਖਿਆ ਹੈ ਕਿ ਕੋਈ ਵੀ ਰਾਜਨੀਤਕ ਪਾਰਟੀ ਇਸ ਮਾਮਲੇ ਤੋਂ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਨਾ ਕਰੇ। ਜੇਕਰ ਕਿਸੇ ਧਿਰ ਵੱਲੋਂ ਅਜਿਹਾ ਕੀਤਾ ਗਿਆ ਤਾਂ ਉਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਜਵਾਬਦੇਹ ਹੋਣਾ ਪਵੇਗਾ ਅਤੇ ਉਸਨੂੰ ਪੰਥ ਦੋਖੀ ਮੰਨਿਆ ਜਾਵੇਗਾ।

ਅੰਤ ਵਿੱਚ ਜਥੇਦਾਰ ਗੜਗੱਜ ਨੇ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ’ਤੇ ਹੋ ਰਹੀ ਬਿਆਨਬਾਜ਼ੀ ’ਤੇ ਵੀ ਸਖ਼ਤ ਨਾਰਾਜ਼ਗੀ ਜਤਾਈ। ਉਨ੍ਹਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਅਸਭ੍ਯ ਜਾਂ ਨੀਵੀਂ ਭਾਸ਼ਾ ਵਰਤਣਾ ਬਿਲਕੁਲ ਅਸਹਿਣਯੋਗ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਪੂਰੀ ਹੋਣ ਤੱਕ ਕਿਸੇ ਵੀ ਵਿਅਕਤੀ, ਸੰਸਥਾ ਜਾਂ ਧਿਰ ਵਿਰੁੱਧ ਬੇਬੁਨਿਆਦ ਇਲਜ਼ਾਮ ਨਾ ਲਗਾਏ ਜਾਣ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।