ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

21

ਚੰਡੀਗੜ੍ਹ:07 Sep 2026 AJ DI Awaaj

Chandigarh Desk :    ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ। ਸਹੁੰ ਚੁੱਕ ਸਮਾਗਮ ਸਵੇਰੇ 9:30 ਵਜੇ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਗਿਆ।

ਜਸਟਿਸ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ’ਤੇ ਨਿਯੁਕਤੀ ਸਬੰਧੀ ਸੰਵਿਧਾਨਕ ਪ੍ਰਕਿਰਿਆ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਮਤਾ ਪਾਸ ਕੀਤਾ ਸੀ।

ਕੈਬਨਿਟ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਜਸਟਿਸ ਮਿਸ਼ਰਾ ਨੂੰ ਉਦੋਂ ਤੱਕ ਸਹੁੰ ਨਾ ਚੁਕਾਈ ਜਾਵੇ, ਜਦੋਂ ਤੱਕ ਪੰਜਾਬ ਸਰਕਾਰ ਨਾਲ ਸਹਿਮਤੀ ਨਹੀਂ ਬਣਦੀ। ਸਰਕਾਰ ਨੇ ਕਿਹਾ ਸੀ ਕਿ ਸੂਬੇ ਦੇ ਸੰਵਿਧਾਨਕ ਅਤੇ ਪ੍ਰਸ਼ਾਸਨਿਕ ਹਿੱਤਾਂ ਨਾਲ ਜੁੜੇ ਮਾਮਲਿਆਂ ਵਿੱਚ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਹੋਣਾ ਚਾਹੀਦਾ ਹੈ।

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਰਜਕਾਰੀ ਚੀਫ਼ ਜਸਟਿਸ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਉਨ੍ਹਾਂ ਨੂੰ ਰੈਗੂਲਰ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ।

ਇਸ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਸੀਨੀਅਰਤਾ ਦੀ ਅਣਦੇਖੀ ਕੀਤੇ ਜਾਣ ਦੇ ਦੋਸ਼ ਲਗਾਏ ਸਨ।