ਬਠਿੰਡਾ 10 Feb 2026 AJ DI Awaaj
Punjab Desk : ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਵੇਗੀ। ਬੇਬੇ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ।
ਅੱਜ ਦੀ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਪਾਸਪੋਰਟ ਸਮਰਪਣ ਸਬੰਧੀ ਮਸਲੇ ‘ਤੇ ਵੀ ਵਿਚਾਰ ਹੋ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਮੁਕੱਦਮਾ ਦਰਜ ਕਰਵਾਉਣ ਵਾਲੀ ਬੇਬੇ ਮਹਿੰਦਰ ਕੌਰ ਵੱਲੋਂ ਦੋ ਗਵਾਹਾਂ ਦੇ ਬਿਆਨ ਅਦਾਲਤ ਵਿੱਚ ਦਰਜ ਕਰਵਾਏ ਗਏ ਸਨ।
ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ। ਉਸ ਸਮੇਂ ਕੰਗਨਾ ਰਣੌਤ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤੀ ਗਈ ਇੱਕ ਪੋਸਟ ‘ਤੇ ਵਿਵਾਦ ਖੜ੍ਹਾ ਹੋਇਆ ਸੀ, ਜਿਸ ਵਿੱਚ ਕਥਿਤ ਤੌਰ ‘ਤੇ ਕਿਹਾ ਗਿਆ ਸੀ ਕਿ ਔਰਤਾਂ 100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੁੰਦੀਆਂ ਹਨ।
ਇਸ ਟਿੱਪਣੀ ਨੂੰ ਮਾਣਹਾਨੀਕਰਾਰ ਦਿੰਦਿਆਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਵਿਰੁੱਧ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਸੀ। ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਨੇ ਹਾਲ ਹੀ ਵਿੱਚ ਇਸ ਕੇਸ ਨੂੰ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਪਰ ਸੁਪਰੀਮ ਕੋਰਟ ਵੱਲੋਂ ਉਸਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਸੀ।














