ਚੰਡੀਗੜ੍ਹ: 15 Aug 2026 AJ DI Awaaj
Chandigarh Desk : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ 15 ਅਗਸਤ ਨੂੰ ਪੰਜਾਬ ਰਾਜ ਭਵਨ ਦੇ ਘਿਰਾਓ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਪ੍ਰਦਰਸ਼ਨਕਾਰੀਆਂ ਨੂੰ ਰਾਜ ਭਵਨ ਵੱਲ ਜਾਣ ਤੋਂ ਰੋਕਣ ਲਈ ਕਈ ਥਾਵਾਂ ’ਤੇ ਬੈਰੀਕੇਡ ਲਗਾਏ ਗਏ।
ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਕਾਰਵਾਈ
ਪ੍ਰਦਰਸ਼ਨ ਦੌਰਾਨ ਭੀੜ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਅਤੇ ਅਥਰੂ ਗੈਸ ਦੇ ਗੋਲੇ ਵੀ ਛੱਡੇ। ਸੁਰੱਖਿਆ ਪ੍ਰਬੰਧਾਂ ਤਹਿਤ ਚੰਡੀਗੜ੍ਹ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 1000 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ।
ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਟ੍ਰੈਫਿਕ ਪ੍ਰਭਾਵਿਤ
ਪ੍ਰਦਰਸ਼ਨ ਦੇ ਮੱਦੇਨਜ਼ਰ ਮੁਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੀਆਂ ਕਈ ਮੁੱਖ ਸੜਕਾਂ ’ਤੇ ਬੈਰੀਕੇਡਿੰਗ ਕੀਤੀ ਗਈ। ਇਸ ਕਾਰਨ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਕਈ ਥਾਵਾਂ ’ਤੇ ਲੰਬੇ ਜਾਮ ਦੇਖਣ ਨੂੰ ਮਿਲੇ।
ਪੁਲਿਸ ਵੱਲੋਂ ਟ੍ਰੈਫਿਕ ਨੂੰ ਬਦਲਵੇਂ ਰਸਤਿਆਂ ਰਾਹੀਂ ਮੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ।
ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਸੰਘਰਸ਼
ਕੌਮੀ ਇਨਸਾਫ ਮੋਰਚਾ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਇਸੇ ਤਹਿਤ ਮੋਰਚੇ ਵੱਲੋਂ 15 ਅਗਸਤ ਨੂੰ ਪੰਜਾਬ ਰਾਜ ਭਵਨ ਦੇ ਘਿਰਾਓ ਦਾ ਸੱਦਾ ਦਿੱਤਾ ਗਿਆ ਸੀ। ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਵਧਾ ਦਿੱਤਾ ਗਿਆ ਹੈ।















