ਫਾਜ਼ਿਲਕਾ 1 ਸਤੰਬਰ 2026 AJ DI Awaaj
Punjab Desk : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2026 (ਸੀਜ਼ਨ-5) ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ ‘ਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦਾ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਪਹੁੰਚਣ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਬੈਂਡ ਰਾਹੀਂ ਮਸ਼ਾਲ ਦਾ ਸਵਾਗਤ ਕੀਤਾ ਗਿਆ ਅਤੇ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ‘ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਖਿਡਾਰੀਆਂ ਨੂੰ ਅੰਤਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਇਕ ਚੰਗਾ ਮੰਚ ਪ੍ਰਦਾਨ ਕੀਤਾ ਹੈ।
ਸਹਾਇਕ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਬਲਾਕ ਪੱਧਰੀ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਨੇ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ‘ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-5 ਵਿੱਚ ਹਿੱਸਾ ਲੈਣ ਲਈ www.sports.punjab.gov.in ਤੇ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਖੇਡਾਂ ਜਾ ਰਜਿਸਟਰੇਸ਼ਨ ਬਾਰੇ ਵਧੇਰੀ ਜਾਣਕਾਰੀ ਲਈ ਖੇਡ ਵਿਭਾਗ ਫਾਜ਼ਿਲਕਾ ਦੇ ਸੀਨੀਅਰ ਸਹਾਇਕ ਸ੍ਰੀ ਜਤਿੰਦਰ ਨਾਲ ਮੋਬਾਇਲ ਨੰਬਰ 98887-88785 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਫਾਜ਼ਿਲਕਾ ਰੁਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।