ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਮੌਕੇ 15 ਨਵੰਬਰ ਨੂੰ ਕੀਰਤਨ ਦਰਬਾਰ

101
ਫ਼ਰੀਦਕੋਟ 14 ਨਵੰਬਰ 2025 AJ DI Awaaj
 Punjab Desk : ਅਮਰੀਕਨ ਸਿੰਘਣੀਆਂ ਦੀ ਸੰਸਥਾ ਗਾਵਾਣੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ 15 ਨਵੰਬਰ 2025 ਨੂੰ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸ਼ਾਮ 07.00 ਵਜੇ ਤੋਂ 10.00 ਵਜੇ ਤੱਕ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ । ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਆਯੋਜਨ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾ ਵੱਲੋਂ ਕਰਵਾਇਆ ਜਾ ਰਿਹਾ ਹੈ।
 ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਣ ਲਈ ਆਉਣ-ਜਾਣ ਵਾਸਤੇ ਸੰਗਤ ਲਈ ਪਾਰਕਿੰਗ, ਅਤੇ ਟਿੱਲਾ ਬਾਬਾ ਫ਼ਰੀਦ ਜੀ ਤੋਂ ਗੁਰਦੁਆਰਾ ਗੋਦੜੀ ਸਾਹਿਬ ਲਈ ਬੱਸ ਸੇਵਾ ਵੀ ਉਪਲਬੱਧ ਕਰਵਾਈ ਗਈ ਹੈ । ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਨਗਰ ਕੀਰਤਨ ਮਿਤੀ 20 ਨਵੰਬਰ ਤੋਂ ਸਵੇਰੇ 8 ਵਜੇ ਕਿਲ੍ਹਾ ਮੁਬਾਰਕ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਜਿਵੇਂ ਕਿ ਹੁੱਕੀ ਚੌਂਕ, ਘੰਟਾ ਘਰ ਚੌਂਕ, ਭਾਈ ਘੱਨਈਆ ਚੌਂਕ, ਸਾਦਿਕ ਚੌਂਕ, ਨਾਨਕਸਰ ਬਸਤੀ, ਪਿੰਡ ਪਿੱਪਲੀ, ਰਾਜੋਵਾਲਾ ਤੋਂ ਗੋਲੇਵਾਲਾ ਹੁੰਦਾ ਹੋਇਆ ਫਿਰੋਜ਼ਪੁਰ ਵਿਖੇ ਦਾਖਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰੰਤ ਇਹ ਨਗਰ ਕੀਰਤਨ ਫਿਰੋਜਪੁਰ ਤੋਂ ਮੋਗਾ, ਜਗਰਾਓ, ਲੁਧਿਆਣਾ, ਖੰਨਾ, ਸਰਹਿੰਦ, ਸ੍ਰੀ ਫਤਿਹਗੜ੍ਹ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰੂਪਨਗਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਸਾਡੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਦੇ ਹਨ ਤੇ ਆਪਸੀ ਭਾਈਚਾਰੇ, ਧਾਰਮਿਕ ਸਾਂਝ ਦੀ ਪ੍ਰੇਰਨਾ ਦਿੰਦੇ ਹਨ।