ਕਿਸਾਨ ਮਜ਼ਦੂਰ ਮੋਰਚਾ ਦਾ ਐਲਾਨ, 14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ

21

Mohali 02 Sep 2026 AJ DI Awaaj

Mohali Desk :  ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਅਹਿਮ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਬਲਦੇਵ ਸਿੰਘ ਜੀਰਾ ਨੇ ਕੀਤੀ। ਮੀਟਿੰਗ ਤੋਂ ਬਾਅਦ ਮੋਰਚੇ ਨੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।

ਮੋਰਚੇ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਹੋਰ ਵਰਗਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ਸ਼ੀਲ ਧਿਰਾਂ ਨਾਲ ਤੁਰੰਤ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕੀਤਾ ਜਾਵੇ।

MSP, ਕਰਜ਼ਾ ਮੁਕਤੀ ਅਤੇ ਪਾਣੀਆਂ ਸਮੇਤ ਕਈ ਮੁੱਦੇ

ਮੋਰਚੇ ਵੱਲੋਂ ਫ਼ਸਲਾਂ ਦੀ MSP ’ਤੇ ਸਰਕਾਰੀ ਖਰੀਦ ਯਕੀਨੀ ਬਣਾਉਣ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਕਿਸਾਨ ਖੁ*ਦਕੁਸ਼ੀ*ਆਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ।

ਇਸ ਤੋਂ ਇਲਾਵਾ ਪੰਜਾਬ ਵਿੱਚ ਹੜ੍ਹਾਂ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਨੀਤੀ ਬਣਾਉਣ ਦੀ ਮੰਗ ਰੱਖੀ ਗਈ। ਮੋਰਚੇ ਨੇ ਦਰਿਆਈ ਪਾਣੀਆਂ ਦੀ ਵੰਡ ਰਾਇਪੇਰੀਅਨ ਸਿਧਾਂਤ ਅਨੁਸਾਰ ਕਰਨ ਦੀ ਵੀ ਮੰਗ ਕੀਤੀ।

ਆਗੂਆਂ ਨੇ ਬੀਜ ਐਕਟ-2025, ਸਹਿਕਾਰਤਾ ਕਾਨੂੰਨ-2026, ਬਿਜਲੀ ਸੋਧ ਬਿੱਲ-2025 ਅਤੇ ਮਨਰੇਗਾ ਨਾਲ ਸਬੰਧਤ ਕੇਂਦਰੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਮਤੇ ਪਾਸ ਕਰਨ ਦੀ ਮੰਗ ਕੀਤੀ। ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰਾਂ ’ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਗਈ।

ਮੋਰਚੇ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦਾ ਵਿਰੋਧ, ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਜ਼ਬਤ ਸਮਾਨ ਵਾਪਸ ਕਰਨ, ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਅਤੇ ਕਿਸਾਨ-ਮਜ਼ਦੂਰ ਅੰਦੋਲਨਾਂ ਦੌਰਾਨ ਦਰਜ ਮਾਮਲੇ ਰੱਦ ਕਰਨ ਦੀ ਮੰਗ ਵੀ ਰੱਖੀ।

ਲੈਂਡ ਪੂਲਿੰਗ ਤੋਂ ਲੈ ਕੇ ਰੁਜ਼ਗਾਰ ਤੱਕ ਮੁੱਦੇ

ਕਿਸਾਨ ਆਗੂਆਂ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਅਤੇ ਭਾਰਤਮਾਲਾ ਪ੍ਰੋਜੈਕਟ ਲਈ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਥਿਤ ਜਬਰੀ ਕਬਜ਼ੇ ਬੰਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਪੰਜਾਬ ਵਿੱਚ ਨਸ਼ਿਆਂ ’ਤੇ ਕਾਬੂ ਪਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ ਗਈ।

ਮੋਰਚੇ ਨੇ ਪਿੰਡਾਂ ਦੀ ਕਥਿਤ ਗੈਰ-ਸਹਿਮਤੀ ਨਾਲ ਡਰੋਨ ਰਾਹੀਂ ਮੈਪਿੰਗ ਬੰਦ ਕਰਨ ਅਤੇ ਪਾਕਿਸਤਾਨ ਨਾਲ ਵਪਾਰਕ ਲਾਂਘਾ ਖੋਲ੍ਹਣ ਦੀ ਮੰਗ ਵੀ ਕੀਤੀ।

ਝੋਨੇ ਲਈ ਬਿਜਲੀ ਤੇ ਖਾਦਾਂ ਦੀ ਸਪਲਾਈ ਦਾ ਮੁੱਦਾ

ਮੋਰਚੇ ਨੇ ਝੋਨੇ ਦੀ ਫ਼ਸਲ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ DAP ਤੇ ਯੂਰੀਆ ਦੀ ਲੋੜੀਂਦੀ ਸਪਲਾਈ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਆਗੂਆਂ ਮੁਤਾਬਕ ਬਿਜਲੀ ਅਤੇ ਖਾਦਾਂ ਦੀ ਕਮੀ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ ਐਲਾਨ ਕੀਤਾ ਕਿ 14 ਸਤੰਬਰ 2026 ਤੋਂ ਸਬੰਧਤ ਮੰਤਰੀਆਂ ਅਤੇ ਸਿਆਸੀ ਆਗੂਆਂ ਦੇ ਘਰਾਂ ਅੱਗੇ ਮੋਰਚੇ ਲਗਾਏ ਜਾਣਗੇ।

ਮਾਝਾ: ਲਾਲ ਸਿੰਘ ਕਟਾਰੂਚੱਕ — ਪਠਾਨਕੋਟ, ਹਰਭਜਨ ਸਿੰਘ ਈ.ਟੀ.ਓ. — ਨਿਊ ਅੰਮ੍ਰਿਤਸਰ
ਦੋਆਬਾ: ਮਹਿੰਦਰ ਭਗਤ — ਜਲੰਧਰ
ਮਾਲਵਾ: ਅਮਨ ਅਰੋੜਾ — ਸੁਨਾਮ, ਕੁਲਤਾਰ ਸਿੰਘ ਸੰਧਵਾਂ — ਫ਼ਰੀਦਕੋਟ, ਗੁਰਮੀਤ ਸਿੰਘ ਖੁੱਡੀਆਂ — ਮੁਕਤਸਰ

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਮੰਗਾਂ ਦਾ ਹੱਲ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਤੁਰੰਤ ਗੱਲਬਾਤ ਕਰਨ ਦੀ ਅਪੀਲ ਕੀਤੀ।