ਹੁਸ਼ਿਆਰਪੁਰ, 14 ਨਵੰਬਰ 2025 AJ DI Awaaj
Punjab Desk : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਰਪ੍ਰਸਤੀ ਹੇਠ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਕੁਦਰਤੀ ਖੇਤੀ ਸਬੰਧੀ ਇਕ ਦਿਨਾ ਸਿਖਲਾਈ ਕੋਰਸ ਪਿੰਡ ਰਾਮਗੜ੍ਹ ਸੀਕਰੀ, ਤਲਵਾੜਾ ਵਿਖੇ ਲਗਾਇਆ ਗਿਆ। ਇਹ ਕੈਂਪ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਦੇ ਤਹਿਤ ਕਰਵਾਇਆ ਗਿਆ ਅਤੇ ਇਸ ਵਿੱਚ ਤਲਵਾੜਾ ਬਲਾਕ ਦੇ ਕਿਸਾਨਾਂ ਨੇ ਭਾਗ ਲਿਆ।
ਇਸ ਕੈਂਪ ਵਿਚ ਉਚੇਚੇ ਤੌਰ ‘ਤੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰਧਾਨਗੀ ਭਾਸ਼ਣ ਦੌਰਾਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕੰਢੀ ਇਲਾਕੇ ਦੇ ਕਿਸਾਨਾਂ ਤੇ ਕਿਸਾਨ ਬੀਬੀਆਂ ਦੀ ਮਿਹਨਤ ਤੇ ਘਾਲਣਾ ਦੀ ਪ੍ਰਸੰਸਾ ਕੀਤੀ, ਜੋ ਕਿ ਮੁਸ਼ਕਿਲ ਹਾਲਾਤਾਂ ਵਿਚ ਖੇਤੀ ਕਰਕੇ ਇਲਾਕੇ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੇ ਕਿਸਾਨ ਪਹਿਲਾਂ ਹੀ ਬਹੁਤ ਘੱਟ ਖਾਦਾਂ ਤੇ ਕੀਟਨਾਸ਼ਕ ਵਰਤ ਕੇ ਵਾਤਾਵਰਣੂ ਸੰਭਾਲ ਵਿਚ ਆਪਣਾ ਰੋਲ ਅਦਾ ਕਰ ਰਹੇ ਸਨ। ਉਨ੍ਹਾਂ ਨੇ ਇਲਾਕੇ ਦੀਆਂ 300 ਤੋਂ ਵੱਧ ਅਗਾਂਹਵਧੂ ਕਿਸਾਨ ਬੀਬੀਆਂ ਦੀ ਸੁਸਾਇਟੀ, ਕੈਫਰੋ ਦੀ ਵੀ ਬਹੁਤ ਸ਼ਲਾਘਾ ਕੀਤੀ, ਜੋ ਕਿ ਰਾਸ਼ਟਰੀ ਪੱਧਰ ਤੱਕ ਫ਼ਸਲਾਂ, ਫ਼ਲਾਂ ਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਤੇ ਮਹਿਲਾ ਸਸ਼ਕਤੀਕਰਨ ਰਾਂਹੀ ਸਿਰ ਕੱਢਵੀਂ ਮਿਸਾਲ ਪੇਸ਼ ਕਰ ਰਹੀ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਇਸ ਸੁਸਾਇਟੀ ਲਈ ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਵੀ ਦਿੱਤੀ ਅਤੇ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।
ਕਿਸਾਨਾਂ ਨੂੰ ਸੰਬੋਧਿਤ ਕਰਦਿਆਂ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕੁਦਰਤੀ ਖੇਤੀ ਨਾਲ ਖਰਚ ਘਟਣ, ਮਿੱਟੀ ਦੀ ਉਪਜਾਊ ਸ਼ਕਤੀ ਵਧਣ ਅਤੇ ਮਨੁੱਖੀ ਸਿਹਤ ਅਤੇ ਵਾਤਾਵਰਨ ਦੀ ਸੁਰੱਖਿਆ ਹੋਣ ਬਾਰੇ ਕਿਹਾ। ਉਨ੍ਹਾਂ ਨੇ ਕਿਸਾਨਾਂ ਨੂੰ ਆਉਣ ਵਾਲੀਆਂ ਪੀੜੀਆਂ ਲਈ ਕੁਦਰਤੀ ਖੇਤੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕੁਦਰਤੀ ਖੇਤੀ ਉਪਜ ਦੇ ਵਧੀਆ ਮੰਡੀਕਰਣ ਲਈ ਪ੍ਰੋਸੈਸਿੰਗ ਰਾਹੀਂ ਮੁੱਲ ਵਾਧੇ ਵਿੱਚ ਇਜਾਫੇ ਬਾਰੇ ਵੀ ਦੱਸਿਆ।
ਸਿਖਲਾਈ ਦੌਰਾਨ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਵਿੱਚ ਵਰਤੇ ਜਾਣ ਵਾਲੇ ਵੱਖ-ਵੱਖ ਜੈਵਿਕ ਪਦਾਰਥਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਅਤੇ ਮਲਚਿੰਗ ਤੇ ਮਿੱਟੀ ਵਿੱਚ ਨਮੀ ਸੰਭਾਲ ਦੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਗਰਚਾ ਨੇ ਕੁਦਰਤੀ ਖੇਤੀ ਦੇ ਸਿਧਾਂਤਾਂ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਫ਼ਲਾਂ ਤੇ ਸਬਜ਼ੀਆਂ ਦੀ ਖੇਤੀ ਵਿੱਚ ਕਿਵੇਂ ਅਪਣਾਇਆ ਜਾ ਸਕਦਾ ਹੈ, ਇਸ ਬਾਰੇ ਚਰਚਾ ਕੀਤੀ।
ਕੈਂਪ ਦੌਰਾਨ ਖੇਤੀਬਾੜੀ ਅਫ਼ਸਰ, ਬਲਾਕ ਤਲਵਾੜਾ ਡਾ. ਅਜਰ ਕੰਵਰ ਵੀ ਕਿਸਾਨਾਂ ਨਾਲ ਰੂ-ਬ-ਰੂ ਹੋਏ ਅਤੇ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਤਹਿਤ ਬਲਾਕ ਵਿੱਚ ਸਿਖਲਾਈਆਂ ਤੇ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨਾਂ ਅਤੇ ਇਸ ਸਬੰਧੀ ਮਾਡਲ ਇਕਾਈਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨ ਭਲਾਈ ਬਾਬਤ ਵਿਭਾਗੀ ਗਤੀਵਿਧੀਆਂ ਦੀ ਵੀ ਜਾਣਕਾਰੀ ਦਿੱਤੀ।
ਸਿਖਲਾਈ ਦੇ ਅਖੀਰ ਵਿਚ ਤਲਵਾੜਾ ਬਲਾਕ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਉਪਾਸਨਾ ਮਨਹਾਸ ਵੱਲੋਂ ਮਾਹਿਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਕੁਦਰਤੀ ਖੇਤੀ ਅਪਨਾਉਣ ਬਾਬਤ ਉਤਸ਼ਾਹਿਤ ਕੀਤਾ ਗਿਆ।














