ਤਰਨ ਤਾਰਨ ਜ਼ਿਲ੍ਹੇ ਵਿੱਚ ‘ਸਕੂਲ ਸਵੱਛਤਾ ਅਤੇ ਤਿਆਰੀ ਅਭਿਆਨ’ ਦੀ ਸ਼ੁਰੂਆਤ

1

ਤਰਨ ਤਾਰਨ, 22 ਅਗਸਤ 2026 AJ DI Awaaj

Punjab Desk :   ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਸ਼ਨ 2026-27 ਦੌਰਾਨ ਸਰਕਾਰੀ ਸਕੂਲਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ, ਸੁਵਿਧਾਜਨਕ ਅਤੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਵਾਲਾ ਵਾਤਾਵਰਨ ਪ੍ਰਦਾਨ ਕਰਨ ਦੇ ਮੰਤਵ ਨਾਲ ‘ਸਕੂਲ ਸਵੱਛਤਾ ਅਤੇ ਤਿਆਰੀ ਅਭਿਆਨ’ ਚਲਾਇਆ ਜਾ ਰਿਹਾ ਹੈ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਅਭਿਆਨ ਤਹਿਤ ਸਕੂਲਾਂ ਦੇ ਕਲਾਸਰੂਮਾਂ, ਬਰਾਮਦਿਆਂ, ਪਖਾਨਿਆਂ ਅਤੇ ਪੀਣ ਵਾਲੇ ਪਾਣੀ ਵਾਲੀਆਂ ਥਾਵਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਾਲ-ਨਾਲ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਉਪਲਬੱਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਬਿਜਲੀ, ਬੈਂਚ-ਡੈਸਕ, ਪਖਾਨੇ ਅਤੇ ਹੋਰ ਜ਼ਰੂਰੀ ਸਕੂਲੀ ਸੁਵਿਧਾਵਾਂ ਦੀ ਕਾਰਗੁਜ਼ਾਰੀ ਦੀ ਵੀ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਅੱਗ ਬੁਝਾਉਣ ਵਾਲੇ ਯੰਤਰ, ਫਸਟ-ਏਡ ਕਿੱਟ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਉਪਲਬੱਧਤਾ ਅਤੇ ਕਾਰਗੁਜ਼ਾਰੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਵਿਦਿਆਰਥੀਆਂ ਦੀ ਸਹੂਲਤ ਲਈ ਰੈਂਪ, ਹੈਂਡਰੇਲ ਅਤੇ ਹੋਰ ਪਹੁੰਚਯੋਗਤਾ ਸਹੂਲਤਾਂ ਦੀ ਵੀ ਜਾਂਚ ਕੀਤੀ ਜਾਵੇਗੀ। ਸਕੂਲਾਂ ਵਿੱਚ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਰਾਹੀਂ ਹਰੇ-ਭਰੇ ਵਾਤਾਵਰਨ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਜਿੰਦਰ ਕੌਰ ਨੇ ਕਿਹਾ ਕਿ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਕੂਲਾਂ ਦਾ ਭੌਤਿਕ ਨਿਰੀਖਣ ਕੀਤਾ ਜਾਵੇਗਾ। ਨਿਰੀਖਣ ਦੌਰਾਨ ਸਾਹਮਣੇ ਆਉਣ ਵਾਲੀਆਂ ਕਮੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਕੂਲਾਂ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਸਿਰਫ਼ ਵਿਭਾਗੀ ਜ਼ਿੰਮੇਵਾਰੀ ਨਾ ਸਮਝਦੇ ਹੋਏ ਸਕੂਲ ਮੈਨੇਜਮੈਂਟ ਕਮੇਟੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਸਾਂਝੇ ਯਤਨ ਨਾਲ ਸਕੂਲਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸਿਹਤਮੰਦ ਸਿੱਖਣ ਵਾਲਾ ਮਾਹੌਲ ਤਿਆਰ ਕੀਤਾ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਨ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਅਤੇ ਆਪਣੇ ਸਕੂਲਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ, ਸੁੰਦਰ ਅਤੇ ਪ੍ਰੇਰਣਾਦਾਇਕ ਬਣਾਉਣ ਲਈ ਸਾਂਝੇ ਯਤਨ ਕਰਨ।