ਰੂਪਨਗਰ, 26 ਅਗਸਤ 2026 AJ DI Awaaj
Punjab Desk : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ) ਨਵੀਂ ਦਿੱਲੀ ਵੱਲੋਂ ਲੋਕਾਂ ਨੂੰ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਦੇ ਉਦੇਸ਼ ਨਾਲ 25 ਅਗਸਤ 2026 ਤੋਂ 24 ਅਕਤੂਬਰ 2026 ਤੱਕ ਮੈਗਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਸਵਾਮੀਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਲੀਗਲ ਏਡ ਕਲੀਨਿਕ ਸਥਾਪਿਤ ਕੀਤਾ ਗਿਆ ਹੈ।
ਲੀਗਲ ਏਡ ਕਲੀਨਿਕ ਦੀ ਸਥਾਪਨਾ ਲਈ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਖ਼ੁਦ ਸਥਾਨ ਦਾ ਮੁਆਇਨਾ ਕੀਤਾ ਗਿਆ ਅਤੇ ਪਿੰਡ ਵਾਸੀਆਂ ਦੀ ਸੁਖਾਲੀ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਥਾਨ ਦੀ ਚੋਣ ਕੀਤੀ ਗਈ।
ਇਸ ਲੀਗਲ ਏਡ ਕਲੀਨਿਕ ਰਾਹੀਂ ਪਿੰਡ ਵਾਸੀ ਆਪਣੀਆਂ ਕਾਨੂੰਨੀ ਸਮੱਸਿਆਵਾਂ ਦੇ ਹੱਲ ਲਈ ਸਲਾਹ-ਮਸ਼ਵਰਾ ਲੈ ਸਕਣਗੇ ਅਤੇ ਲੋੜ ਅਨੁਸਾਰ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਉਹ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਲਾਭ ਵੀ ਲੈ ਸਕਣਗੇ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਕਾਨੂੰਨੀ ਹੱਕਾਂ ਅਤੇ ਉਪਲਬਧ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਲੀਗਲ ਏਡ ਕਲੀਨਿਕ ਦਾ ਲਾਭ ਉਠਾਉਣ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੇ ਲੈਂਡਲਾਈਨ ਨੰਬਰ 01881-220171 ਜਾਂ ਟੋਲ-ਫਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।



















