ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਨੂੰ ਮਿਲਿਆ ਕਾਨੂੰਨੀ ਹੱਕ

1

ਜਲਾਲਾਬਾਦ/ਫਾਜ਼ਿਲਕਾ 7 ਅਕਤੂਬਰ 2026 AJ DI Awaaj

Punjab Desk :   ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਪਿੰਡ ਚੱਕ ਖੁੜੰਜ ਦੇ ਜਿਹੜੇ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ਵਿਚ ਆਉਂਦੀ ਹੈ ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ।
ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਇਹ ਸਿਲਸਿਲਾ ਪੜਾਅਵਾਰ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲਾਲ ਲਕੀਰ ਦੇ ਵਸੀਆਂ ਦੀਆਦਹਾਕਿਆਂ ਪੁਰਾਣੀਆਂ ਚੁਣੌਤੀਆਂ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਕਦਮੀ ਇਨ੍ਹਾਂ ਲੋਕਾਂ ਦਾ ਮਾਣ-ਸਨਮਾਨ ਬਹਾਲ ਕਰਦੀ ਹੈ ਅਤੇ ਇਨ੍ਹਾਂ ਲਈ ਆਰਥਿਕ ਸੰਭਾਵਨਾਵਾਂ ਨੂੰ ਖੋਲ੍ਹਦੀ ਹੈ। ਉਨ੍ਹਾਂ ਨੇ ਕਿਹਾ ਇਹ ਯੋਜਨਾ ਨਾ ਸਿਰਫ਼ ਕਾਨੂੰਨੀ ਮਾਨਤਾ ਪ੍ਰਦਾਨ ਕਰਦੀ ਹੈ, ਸਗੋਂ ਲਾਲ ਲਕੀਰ ਦੇ ਵਸੀਆਂ ਨੂੰ ਆਰਥਿਕ ਤਰੱਕੀ ਲਈ ਆਪਣੀ ਜਾਇਦਾਦ ਦੀ ਵਰਤੋਂ ਕਰਨ ਦੇ ਸਾਧਨ ਵੀ ਦਿੰਦੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੇਰਾ ਘਰ ਮੇਰੇ ਨਾਮ ਸਕੀਮ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕ ਜਿਨ੍ਹਾਂ ਨੂੰ ਅੱਜ ਜਾਇਦਾਦ ਦੇ ਅਧਿਕਾਰ ਮਿਲ ਗਏ ਹਨ, ਉਹ ਆਪਣੀ ਜਾਇਦਾਦ ਵੇਚ ਸਕਣਗੇ ਅਤੇ ਆਪਣੇ ਘਰਾਂ ’ਤੇ ਕਰਜ਼ਾ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਸੁਰੱਖਿਆ ਨੂੰ ਵਧਾਉਣ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਟੁੱਟ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਡਰੋਨ ਸਰਵੇਖਣ, ਮੈਪਿੰਗ ਅਤੇ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨ ਦੀ ਪ੍ਰਕਿਰਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਇਤਰਾਜ਼ ਸਾਹਮਣੇ ਆਉਣ ਤੋਂ ਬਾਅਦ ਮਾਲੀਆ ਰਿਕਾਰਡ ਦੇ ਆਧਾਰ ’ਤੇ ਮੁੜ ਨਿਸ਼ਾਨਦੇਹੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਯੋਜਨਾ ਦੇ ਤਹਿਤ ਹੋਰ ਵੀ ਪ੍ਰਾਪਰਟੀ ਕਾਰਡ ਵੰਡੇ ਜਾਣਗੇ।