ਸ੍ਰੀ ਮੁਕਤਸਰ ਸਾਹਿਬ, 18 ਸਤੰਬਰ 2025 AJ DI Awaaj
Punjab Desk : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਫਸਲ ਦੀ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਸਤੋਂ ਇਲਾਵਾ ਹੁਕਮਾਂ ਅਨੁਸਾਰ ਬਹੁਤ ਸਾਰੀਆਂ ਅਜਿਹੀਆਂ ਕੰਬਾਇਨਾਂ ਹਾਰਵੈਸਟਰ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਜਿਹਨਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਣ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਿਨ੍ਹਾਂ ਸੁਪਰ ਐਸ.ਐਮ.ਐਸ.ਸਿਸਟਮ ਲਗਾਏ ਕੰਬਾਇਨਾਂ ਜੋ ਕਿ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਦਾ ਕੁਤਰਾ ਨਹੀਂ ਕਰ ਸਕਦੀਆਂ, ਅਜਿਹੀਆਂ ਕੰਬਾਇਨਾਂ ਨੂੰ ਵੀ ਚਲਾਉਣ ’ਤੇ ਰੋਕ ਲਗਾ ਦਿੱਤੀ ਗਈ ਹੈ।
ਇਹ ਹੁਕਮ ਮਿਤੀ 30 ਨਵੰਬਰ 2025 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
