ਸੰਗਰੂਰ, 13 ਨਵੰਬਰ 2025 AJ DI Awaaj
Punjab Desk : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪਿੰਡ ਬਡਰੁੱਖਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਾਜ਼ਰੀ ਭਰੀ। ਇਸ ਦੌਰਾਨ ਉਹਨਾਂ ਨੇ ਪਿੰਡ ਵਿਖੇ 35.26 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਅਤੇ ਫਿਰਨੀ ਨੂੰ ਪੱਕਾ ਕਰਨ ਤੇ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ।
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸ਼ੂਰਵੀਰਤਾ, ਇਨਸਾਫ਼ਪਸੰਦ ਸੁਭਾਅ ਅਤੇ ਪ੍ਰਜਾ ਪ੍ਰਤੀ ਪ੍ਰੇਮ ਪ੍ਰੇਰਣਾ ਦਾ ਸਰੋਤ ਹਨ। ਉਹਨਾਂ ਕਿਹਾ ਕਿ ਸਾਨੂੰ ਮਹਾਰਾਜਾ ਰਣਜੀਤ ਸਿੰਘ ਦੀ ਧਰਤੀ ਦੇ ਵਾਸੀ ਹੋਣ ਦੇ ਨਾਤੇ ਇਸ ਗੱਲ ਦਾ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਅਸੀਂ ਉਸ ਸ਼ਖ਼ਸੀਅਤ ਦੇ ਵਾਰਿਸ ਹਾਂ ਜਿਸ ਨੇ ਧਰਮ, ਨਿਆਂ ਤੇ ਮਨੁੱਖਤਾ ਦੇ ਅਸੂਲਾਂ ’ਤੇ ਆਧਾਰਿਤ ਰਾਜ ਕਾਇਮ ਕੀਤਾ ਸੀ।
ਇਸ ਮੌਕੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ 35.26 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਉਹਨਾਂ ਕਿਹਾ ਕਿ ਇਹ ਸਟੇਡੀਅਮ ਪਿੰਡ ਬਡਰੁੱਖਾ ਦੇ ਖਿਡਾਰੀਆਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗਾ, ਜਿਸ ਨਾਲ ਖੇਡਾਂ ਦਾ ਖੇਤਰ ਹੋਰ ਮਜ਼ਬੂਤ ਹੋਵੇਗਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਣਾ ਮਿਲੇਗੀ। ਉਹਨਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਸੜਕ ਦਾ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ, ਜਦਕਿ ਹੋਰ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
ਕੈਬਿਨਟ ਮੰਤਰੀ ਨੇ ਅਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡਾਂ ਨੂੰ ਵੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।
ਸਮਾਗਮ ਦੇ ਅੰਤ ’ਤੇ ਸ੍ਰੀ ਅਮਨ ਅਰੋੜਾ ਨੇ ਹਾਜ਼ਰੀਨ ਨੂੰ ਸੱਦਾ ਦਿੱਤਾ ਕਿ ਉਹ ਸਾਰੇ ਮਿਲ ਕੇ ਪੰਜਾਬ ਦੇ ਵਿਕਾਸ ਲਈ ਆਪਣਾ ਯੋਗਦਾਨ ਪਾਉਣ ਅਤੇ ਮਹਾਨ ਸ਼ਖ਼ਸੀਅਤਾਂ ਦੇ ਸਿਧਾਂਤਾਂ ’ਤੇ ਚੱਲਣ ਦਾ ਸੰਕਲਪ ਲੈਣ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਪਿੰਡ ਵਾਸੀਆਂ, ਸਰਪੰਚ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।














