ਹੁਸ਼ਿਆਰਪੁਰ, 9 ਅਗਸਤ 2025 AJ DI Awaaj
Punjab Desk : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮਾਹਿੰਗਰੋਵਾਲ ਪੁਲ ਦੀ ਉਸਾਰੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਜਨਤਕ ਮੰਗ ਨੂੰ ਪੂਰਾ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਇਲਾਕੇ ਦੇ ਲੋਕਾਂ ਦਾ ਪੁਰਾਣਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ 100 ਮੀਟਰ ਲੰਬਾ ਪੁਲ ਲਗਭਗ 7 ਕਰੋੜ 8 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਸ ਪ੍ਰੋਜੈਕਟ ਲਈ ਟੈਂਡਰ 8 ਅਗਸਤ ਨੂੰ ਜਾਰੀ ਕੀਤਾ ਗਿਆ ਹੈ, ਜਿਸ ਨੂੰ 21 ਦਿਨਾਂ ਦੇ ਅੰਦਰ ਖੋਲ੍ਹ ਦਿੱਤਾ ਜਾਵੇਗਾ। ਇਸ ਤੋਂ ਬਾਅਦ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਜਨਤਾ ਜਲਦੀ ਤੋਂ ਜਲਦੀ ਇਸਦਾ ਲਾਭ ਲੈ ਸਕੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਭਾਰੀ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਵੇਲੇ ਲੋਕ ਆਵਾਜਾਈ ਲਈ ਕਾਜ਼ਵੇਅ ਦੀ ਵਰਤੋਂ ਕਰਦੇ ਹਨ, ਜੋ ਕਿ ਬਰਸਾਤ ਦੇ ਮੌਸਮ ਵਿੱਚ ਖਾਸ ਤੌਰ ‘ਤੇ ਖ਼ਤਰਨਾਕ ਅਤੇ ਅਸੁਵਿਧਾਜਨਕ ਹੋ ਜਾਂਦਾ ਹੈ। ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਦੀ ਸਹੂਲਤ ਮਿਲੇਗੀ, ਸਗੋਂ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣੇਗੀ।
ਉਨ੍ਹਾਂ ਕਿਹਾ ਕਿ ਮਾਹਿੰਗਰੋਵਾਲ ਪੁਲ ਦੇ ਨਿਰਮਾਣ ਨਾਲ ਨਾ ਸਿਰਫ਼ ਸਥਾਨਕ ਆਵਾਜਾਈ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ, ਸਗੋਂ ਆਲੇ-ਦੁਆਲੇ ਦੇ ਪਿੰਡਾਂ ਅਤੇ ਕਸਬਿਆਂ ਦੀਆਂ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਕਾਰੋਬਾਰ, ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਆਸਾਨ ਹੋਵੇਗੀ, ਜਿਸ ਨਾਲ ਇਲਾਕੇ ਦੇ ਸਮੁੱਚੇ ਵਿਕਾਸ ਵਿੱਚ ਤੇਜ਼ੀ ਆਵੇਗੀ।
ਸਥਾਨਕ ਸਰਕਾਰਾਂ ਮੰਤਰੀ ਨੇ ਇਸ ਇਤਿਹਾਸਕ ਵਿਕਾਸ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਜਨਤਾ ਦੀਆਂ ਜ਼ਰੂਰਤਾਂ ਨੂੰ ਪਹਿਲ ਦਿੰਦੇ ਹੋਏ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਡਾ. ਰਵਜੋਤ ਸਿੰਘ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੁਲ ਦੀ ਉਸਾਰੀ ਦਾ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਹੋ ਜਾਵੇਗਾ ਅਤੇ ਗੁਣਵੱਤਾ ਦੇ ਉੱਚਤਮ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਸਰਕਾਰੀ ਯੋਜਨਾਵਾਂ ਦੇ ਲਾਭ ਸਾਰਿਆਂ ਤੱਕ ਜਲਦੀ ਅਤੇ ਬਰਾਬਰ ਪਹੁੰਚ ਸਕਣ।
ਉਨ੍ਹਾਂ ਕਿਹਾ ਕਿ ਮਾਹਿੰਗਰੋਵਾਲ ਪੁਲ ਦਾ ਨਿਰਮਾਣ ਸਾਡੇ ਖੇਤਰ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ। ਇਹ ਨਾ ਸਿਰਫ਼ ਯਾਤਰਾ ਨੂੰ ਸੁਰੱਖਿਅਤ ਬਣਾਏਗਾ ਬਲਕਿ ਵਿਕਾਸ ਦੇ ਨਵੇਂ ਰਸਤੇ ਵੀ ਖੋਲ੍ਹੇਗਾ।
