28 July 2026 Aj Di Awaaj
Punjab Desk: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ₹1,116 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਵਿੱਚ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ, ਜਦਕਿ ਭਵਿੱਖ ਵਿੱਚ ਪਲਾਂਟ ਦੇ ਵਿਸਥਾਰ ਨਾਲ ਕਰੀਬ 2,000 ਹੋਰ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗ-ਪੱਖੀ ਮਾਹੌਲ ਕਾਰਨ ਕੰਪਨੀ ਨੇ ਆਪਣਾ ਨਿਵੇਸ਼ ₹500 ਕਰੋੜ ਤੋਂ ਵਧਾ ਕੇ ₹1,116 ਕਰੋੜ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਨਿਵੇਸ਼ਕਾਂ ਨੂੰ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪਲਾਂਟ ਭਾਰਤ ਸਮੇਤ ਕਈ ਦੇਸ਼ਾਂ ਲਈ ਉੱਚ ਗੁਣਵੱਤਾ ਵਾਲੇ ਆਟੋਮੋਬਾਈਲ ਪਾਰਟਸ ਦਾ ਨਿਰਮਾਣ ਕਰੇਗਾ।



















