ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਦੇ ਬਰਾਬਰ ਡੀਏ-ਡੀਆਰ ਦੇਣ ਦੇ ਹੁਕਮ ਬਰਕਰਾਰ

20

4 August 2026 Aj Di Awaaj

Chandigarh Desk: : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਹਿੰਗਾਈ ਭੱਤਾ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੇ ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸਿੰਗਲ ਬੈਂਚ ਦੇ ਪਹਿਲਾਂ ਦਿੱਤੇ ਫ਼ੈਸਲੇ ਨੂੰ ਬਰਕਰਾਰ ਰੱਖਦਿਆਂ ਸਰਕਾਰ ਨੂੰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਡੀਏ ਅਤੇ ਡੀਆਰ ਦਾ ਬਕਾਇਆ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਡੀਏ ਦੇ ਭੁਗਤਾਨ ਵਿੱਚ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਦਾਲਤ ਨੇ ਸਰਕਾਰ ਨੂੰ 15 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਕੇ ਬਕਾਇਆ ਰਕਮ ਜਾਰੀ ਕਰਨ ਲਈ ਕਿਹਾ ਹੈ। ਜੇ ਨਿਰਧਾਰਤ ਸਮੇਂ ਅੰਦਰ ਭੁਗਤਾਨ ਨਹੀਂ ਕੀਤਾ ਗਿਆ ਤਾਂ ਬਕਾਇਆ ਰਕਮ ‘ਤੇ ਵਿਆਜ ਦੇਣ ਦੀ ਜ਼ਿੰਮੇਵਾਰੀ ਵੀ ਸਰਕਾਰ ‘ਤੇ ਆ ਸਕਦੀ ਹੈ।

ਇਹ ਫ਼ੈਸਲਾ ਰਾਜ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ, ਜੋ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਬਰਾਬਰ ਡੀਏ ਅਤੇ ਡੀਆਰ ਦੀ ਮੰਗ ਕਰ ਰਹੇ ਸਨ।

ਗੌਰਤਲਬ ਹੈ ਕਿ 8 ਅਪ੍ਰੈਲ 2026 ਨੂੰ ਹਾਈਕੋਰਟ ਦੀ ਸਿੰਗਲ ਬੈਂਚ ਨੇ ਵੀ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਰਾਜ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਬਕਾਇਆ ਡੀਏ ਅਤੇ ਡੀਆਰ ਦਾ ਭੁਗਤਾਨ ਕੀਤਾ ਜਾਵੇ। ਉਸ ਵੇਲੇ ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇ ਸਰਕਾਰ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਵਿਆਜ ਦੇ ਮੁੱਦੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

ਤਾਜ਼ਾ ਫ਼ੈਸਲੇ ਨਾਲ ਹਾਈਕੋਰਟ ਨੇ ਸਿੰਗਲ ਬੈਂਚ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਨੂੰ ਨਿਰਧਾਰਤ ਸਮੇਂ ਅੰਦਰ ਬਕਾਇਆ ਜਾਰੀ ਕਰਨਾ ਹੀ ਹੋਵੇਗਾ।