18 July 2026 Aj Di Awaaj
National Desk: ਪੱਛਮੀ ਬੰਗਾਲ ਦੇ ਪੱਛਮੀ ਬਰਧਮਾਨ ਜ਼ਿਲ੍ਹੇ ਦੇ ਜਾਮੂਰੀਆ ਇਲਾਕੇ ਵਿੱਚ ਸਥਿਤ ਇੱਕ ਸਪੰਜ ਆਇਰਨ ਫੈਕਟਰੀ ਵਿੱਚ ਸ਼ੁੱਕਰਵਾਰ ਦੇਰ ਰਾਤ ਭੱਠੀ ਵਿੱਚ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਹਾਦਸੇ ਵਿੱਚ ਘੱਟੋ-ਘੱਟ ਪੰਜ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਧ*ਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਅਧਿਕਾਰੀਆਂ ਦੇ ਅਨੁਸਾਰ, ਭੱਠੀ ਦੇ ਆਲੇ-ਦੁਆਲੇ ਦਾ ਤਾਪਮਾਨ ਬਹੁਤ ਜ਼ਿਆਦਾ ਹੋਣ ਕਾਰਨ ਅੰਦਰ ਦਾਖ਼ਲ ਹੋਣਾ ਫਿਲਹਾਲ ਸੰਭਵ ਨਹੀਂ ਹੈ। ਹਾਲਾਤ ਸੁਰੱਖਿਅਤ ਹੋਣ ਤੋਂ ਬਾਅਦ ਹੀ ਤਲਾਸ਼ੀ ਮੁਹਿੰਮ ਤੇਜ਼ ਕੀਤੀ ਜਾਵੇਗੀ।
ਸਥਾਨਕ ਲੋਕਾਂ ਨੇ ਦਾਅਵਾ ਕੀਤਾ ਹੈ ਕਿ 8 ਤੋਂ 10 ਮਜ਼ਦੂਰ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੇ ਫੈਕਟਰੀ ਅੰਦਰ ਫਸੇ ਹੋਣ ਦੀ ਸੰਭਾਵਨਾ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਲੇ-ਦੁਆਲੇ ਦੇ ਘਰਾਂ ਵਿੱਚ ਵੀ ਤਰੇੜਾਂ ਆਉਣ ਦੀਆਂ ਖ਼ਬਰਾਂ ਹਨ।
ਘਟਨਾ ਤੋਂ ਬਾਅਦ ਫੈਕਟਰੀ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋਏ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।



















