55.35 ਕਰੋੜ ਦੇ GST ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

48

ਚੰਡੀਗੜ੍ਹ: 10 July 2026 AJ DI Awaaj

Chandigarh Desk :  ਪੰਜਾਬ ਦੇ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਹੈ ਕਿ ਰਾਜ ਜੀਐੱਸਟੀ ਵਿਭਾਗ ਨੇ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦੇ ਕਥਿਤ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਹੈ।

ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਪੰਜਾਬ ਜੀਐੱਸਟੀ ਐਕਟ, 2017 ਦੀ ਧਾਰਾ 69 ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫਰਮ ਨੇ ਬਿਨਾਂ ਮਾਲ ਦੀ ਅਸਲ ਸਪਲਾਈ ਕੀਤੇ ਜਾਅਲੀ ਜੀਐੱਸਟੀ ਬਿੱਲ ਜਾਰੀ ਕਰਕੇ ਵੱਡੇ ਪੱਧਰ ‘ਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ITC) ਦਾ ਘੁਟਾਲਾ ਕੀਤਾ।

ਜਾਂਚ ਮੁਤਾਬਕ, ਫਰਮ ਨੇ ਕਰੀਬ 55.35 ਕਰੋੜ ਰੁਪਏ ਦੀ ਫਰਜ਼ੀ ਬਿਲਿੰਗ ਕਰਕੇ ਲਗਭਗ 8.35 ਕਰੋੜ ਰੁਪਏ ਦਾ ਫਰਜ਼ੀ ITC ਹਾਸਲ ਕੀਤਾ ਅਤੇ ਹੋਰ ਫਰਮਾਂ ਨੂੰ ਪਾਸ ਕੀਤਾ। ਇਸ ਫਰਜ਼ੀ ITC ਦੀ ਵਰਤੋਂ ਕਰਕੇ ਕੁਝ ਨਿਰਯਾਤਕ ਫਰਮਾਂ ਨੇ IGST ਰਿਫੰਡ ਦੇ ਗਲਤ ਦਾਅਵੇ ਕੀਤੇ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਹੋਇਆ।

ਚੀਮਾ ਨੇ ਦੱਸਿਆ ਕਿ 9 ਜੁਲਾਈ 2026 ਨੂੰ ਵਿਸ਼ੇਸ਼ ਟੀਮ ਵੱਲੋਂ ਕੀਤੀ ਗਈ ਇਸ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ। ਘੁਟਾਲੇ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਪੂਰੇ ਨੈੱਟਵਰਕ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਰਜ਼ੀ ਇਨਵੌਇਸਿੰਗ, ਬੋਗਸ ITC ਅਤੇ ਟੈਕਸ ਚੋਰੀ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਕਰ ਵਿਭਾਗ ਨੂੰ ਖੁਫੀਆ ਜਾਣਕਾਰੀ, ਡਾਟਾ ਵਿਸ਼ਲੇਸ਼ਣ ਅਤੇ ਤਾਲਮੇਲ ਨਾਲ ਟੈਕਸ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ