ਤਰਨ ਤਾਰਨ, 04 ਸਤੰਬਰ 2025 AJ DI Awaaj
Punjab Desk : ਜ਼ਿਲ੍ਹਾ ਤਰਨ ਤਾਰਨ ਵਿੱਚ ਨਾਜ਼ੁਕ ਬਣੀ ਹੋਈ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਹੋਇਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ. ਏ. ਐੱਸ. ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਸਤਵਿੰਦਰ ਭਗਤ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਤਾਰ ਜਾਰੀ ਹਨ ਅਤੇ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ.ਏ.ਐਸ. ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਵਿਸ਼ੇਸ਼ ਮੈਡੀਕਲ ਕੈਂਪਾਂ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਸਤਵਿੰਦਰ ਭਗਤ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੜ੍ਹਾਂ ਦਾ ਪਾਣੀ ਆਉਣ ਕਾਰਨ ਜ਼ਿਲ੍ਹੇ ਦਾ ਕਾਫ਼ੀ ਖੇਤਰ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 14 ਸਰਕਾਰੀ ਐਂਬੂਲੈਂਸਾਂ, 10 ਪ੍ਰਾਈਵੇਟ ਐਂਬੂਲੈਂਸਾਂ (ਐਂਮਰਜੈਂਸੀ), 08 ਮੋਬਾਈਲ ਟੀਮਾਂ, 07 ਰੈਪਿਡ ਰਿਸਪੌਂਸ, 14 ਮੈਡੀਕਲ ਕੈਂਪ ਟੀਮਾਂ ਅਤੇ 21 ਰਿਲੀਫ ਕੈਂਪ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜ਼ੋ ਕਿ ਤਰਤੀਬਵਾਰ 24 ਘੰਟੇ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਸਾਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਭੋਜਨ ਬਣਾਉਣ ਅਤੇ ਭੋਜਨ ਖਾਣ ਸੰਬੰਧੀ ਸਾਫ਼ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਪਾਣੀ ਇਕੱਠਾ ਹੋਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਹੋਰ ਸਟਾਕ ਲਈ ਦਵਾਈਆਂ ਦੇ ਅਗਾਊਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹੜ੍ਹਾਂ ਦੌਰਾਨ ਸੱਪ ਦੇ ਕੱਟਣ ਅਤੇ ਹੋਰ ਜ਼ਹਿਰੀਲੇ ਜਾਨਵਰਾਂ ਹਰ ਐਂਟੀ ਸਨੇਕ ਵੈਨਮ ਅਤੇ ਐਂਟੀ ਰੈਬਿਜ ਟੀਕੇ ਸਿਹਤ ਸੰਸਥਾਵਾਂ ਵਿਚ ਮੌਜੂਦ ਹਨ।
ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਡਾ: ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ-ਕਮ-ਨੋਡਲ ਅਫ਼ਸਰ ਡਾ. ਰਾਘਵ ਗੁਪਤਾ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਉਪਰੋਕਤ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਐਮਰਜੈਂਸੀ ਸੇਵਾਵਾਂ ਲਈ ਵੀ ਅਗਾਊ ਯੋਗ ਪ੍ਰਬੰਧ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨੂੰ ਬੁਖਾਰ, ਦਸਤ, ਉਲਟੀਆਂ ਆਦਿ ਸਿਹਤ ਸੰਬੰਧੀ ਸਮੱਸਿਆਵਾਂ ਆਉਂਦੀਆਂ ਹਨ, ਤਾਂ ਉਹ ਨਜ਼ਦੀਕੀ ਮੈਡੀਕਲ ਕੈਂਪ ਸਰਕਾਰੀ ਸਿਹਤ ਸੰਸਥਾਵਾਂ-ਹਸਪਤਾਲਾਂ ਵਿਖੇ ਜਾ ਕੇ ਆਪਣਾ ਇਲਾਜ ਕਰਵਾਉਣ।














