ਗਾਂਧੀ ਜਯੰਤੀ ਮੌਕੇ ਗੁਰੂ ਨਾਨਕ ਕੁਸ਼ਟ ਆਸ਼ਰਮ ਵਿਖੇ ਦਵਾਈਆਂ ਅਤੇ ਫਲ ਵੰਡੇ

1
ਰੂਪਨਗਰ, 3 ਅਕਤੂਬਰ 2026 AJ DI Awaaj
Punjab Desk   : ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਾਂਧੀ ਜਯੰਤੀ ਦੇ ਪਵਿੱਤਰ ਮੌਕੇ ’ਤੇ ਜ਼ਿਲ੍ਹਾ ਰੂਪਨਗਰ ਵਿੱਚ ਸਮਾਜਿਕ ਸੇਵਾ ਤਹਿਤ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਮੌਕੇ ਚਮੜੀ ਰੋਗਾਂ ਦੀ ਮਾਹਿਰ ਡਾ. ਅਮਨਦੀਪ ਕੌਰ ਵੱਲੋਂ ਗੁਰੂ ਨਾਨਕ ਕੁਸ਼ਟ ਆਸ਼ਰਮ ਰੂਪਨਗਰ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਡਾ. ਅਮਨਦੀਪ ਕੌਰ ਨੇ ਆਸ਼ਰਮ ਵਿੱਚ ਰਹਿ ਰਹੇ ਕੁਸ਼ਟ ਰੋਗੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਵੱਲੋਂ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ ਸਬੰਧੀ ਜ਼ਰੂਰੀ ਸਲਾਹ ਵੀ ਦਿੱਤੀ ਗਈ। ਇਸ ਤੋਂ ਇਲਾਵਾ ਆਸ਼ਰਮ ਦੇ ਵਸਨੀਕਾਂ ਨੂੰ ਫਲ ਵੀ ਵੰਡੇ ਗਏ ਤਾਂ ਜੋ ਉਨ੍ਹਾਂ ਦੀਆਂ ਪੋਸ਼ਣ ਸਬੰਧੀ ਲੋੜਾਂ ਵਿੱਚ ਸਹਿਯੋਗ ਦਿੱਤਾ ਜਾ ਸਕੇ।
ਇਸ ਮੌਕੇ ਡਾ. ਅਮਨਦੀਪ ਕੌਰ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਹਮੇਸ਼ਾ ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਨੂੰ ਸਭ ਤੋਂ ਵੱਡੀ ਮਨੁੱਖੀ ਸੇਵਾ ਮੰਨਿਆ। ਉਨ੍ਹਾਂ ਦੇ ਸਿਧਾਂਤਾਂ ਤੋਂ ਪ੍ਰੇਰਣਾ ਲੈਂਦਿਆਂ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਇਸ ਤਰ੍ਹਾਂ ਦੀਆਂ ਸੇਵਾ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜਯੋਗ ਹੈ ਅਤੇ ਇਸ ਸਬੰਧੀ ਲੋਕਾਂ ਵਿੱਚ ਮੌਜੂਦ ਭਰਮਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਚਮੜੀ ਨਾਲ ਸਬੰਧਤ ਕੋਈ ਅਸਧਾਰਣ ਲੱਛਣ ਨਜ਼ਰ ਆਉਣ, ਜਿਵੇਂ ਕਿ ਚਮੜੀ ’ਤੇ ਬਦਰੰਗੇ ਦਾਗ, ਚਮੜੀ ਦਾ ਸੁੰਨ ਹੋਣਾ ਜਾਂ ਗਰਮ-ਠੰਢ ਦਾ ਅਹਿਸਾਸ ਨਾ ਹੋਣਾ ਆਦਿ, ਤਾਂ ਉਹ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣੀ ਜਾਂਚ ਕਰਵਾਏ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪਛਾਣ ਅਤੇ ਇਲਾਜ ਨਾਲ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ। ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਇਸ ਬਿਮਾਰੀ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਆਸ਼ਰਮ ਦੇ ਵਸਨੀਕਾਂ ਨੇ ਸਿਹਤ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਉਨ੍ਹਾਂ ਵਿੱਚ ਨਵੀਂ ਉਮੀਦ ਅਤੇ ਹੌਸਲਾ ਪੈਦਾ ਕਰਦੀਆਂ ਹਨ। ਸਿਹਤ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਜਾਗਰੂਕਤਾ ਅਤੇ ਸੇਵਾ ਗਤੀਵਿਧੀਆਂ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।