ਸ੍ਰੀ ਮੁਕਤਸਰ ਸਾਹਿਬ, 27 ਅਗਸਤ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀ ਅਗਵਾਈ ‘ਚ ਜਾਨਵਰਾਂ ਦੀ ਭਲਾਈ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਐਸ.ਪੀ.ਸੀ.ਏ. ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਜਾਨਵਰਾਂ ਨੂੰ ਮਨੁੱਖਾਂ ਤੋਂ ਖਤਰੇ ਅਤੇ ਮਨੁੱਖਾਂ ਨੂੰ ਜਾਨਵਰਾਂ ਤੋਂ ਪੈਦਾ ਹੋ ਰਹੇ ਖਤਰਿਆਂ ਅਤੇ ਉਨ੍ਹਾਂ ਦੇ ਹੱਲ ਲਈ ਢੁੱਕਵੇਂ ਹੱਲ ਭਾਲਣ ਦੀ ਹਦਾਇਤ ਕੀਤੀ।
ਡੀ.ਸੀ. ਅਭਿਜੀਤ ਕਪਲਿਸ਼ ਨੇ ਪਸ਼ੂ ਪਾਲਣ ਵਿਭਾਗ ਅਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਅਵਾਰਾ ਕੁੱਤਿਆਂ ਦੀ ਗਿਣਤੀ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਗਊਸ਼ਾਲਾ ਰੱਤਾਟਿੱਬਾ ਵਿਖੇ ਮੌਜੂਦ ਪਸ਼ੂਧਨ ਦੀ ਸੁਚੱਜੀ ਸਾਂਭ-ਸੰਭਾਲ ਲਈ ਵੀ ਲੋੜੀਂਦੀਆਂ ਗਤੀਵਿਧੀਆਂ ਅਮਲ ਵਿੱਚ ਲਿਆਉਣੀਆਂ ਯਕੀਨੀ ਬਣਾਈਆਂ ਜਾਣ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਅਵਾਰਾ ਕੁੱਤਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕੁੱਤਿਆਂ ਦੇ ਹਲਕਾਅ ਦੀਆਂ ਨਿਸ਼ਾਨੀਆਂ ਅਤੇ ਇਨ੍ਹਾਂ ਤੋਂ ਹਮਲੇ ਮੌਕੇ ਬਚਾਅ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਵਾਂਸ ਅਸਥਾਨਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗੁਰਦਿੱਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੌਂਗਾ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜਿਕ ਨੁਮਾਇੰਦੇ ਹਾਜ਼ਰ ਸਨ।
